09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਿਭਾਈ ਨਿਸ਼ਕਾਮ ਸੇਵਾ

ਅਜੀਤ ਡੈਸਕ 30-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਿੱਖ ਧਰਮ, ਇਤਿਹਾਸ ਅਤੇ ਸੇਵਾ ਭਾਵਨਾ ਨਾਲ ਜੋੜਨ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ-ਇਕ ਦਿਨ ਦੀ ਸੇਵਾ ਲਈ ਬੁਲਾ ਕੇ ਮੌਕਾ ਦਿੱਤੇ ਜਾਣ ਦੀ ਚਲਾਈ ਜਾ ਰਹੀ ਲੜੀਵਾਰ ਮੁਹਿੰਮ ਤਹਿਤ ਅੱਜ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਇਕ ਦਿਨ ਦੀ ਨਿਸ਼ਕਾਮ ਸੇਵਾ ਨਿਭਾਈ। ਇਸ ਦੌਰਾਨ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ ਨੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਆਉਣ ਵਾਲੀਆਂ ਸੰਗਤਾਂ ਨੂੰ ਮੱਥਾ ਟੇਕਣ ਲਈ ਪ੍ਰਬੰਧਾਂ ਵਿਚ ਸਹਿਯੋਗ ਦਿੱਤਾ ਗਿਆ ਅਤੇ ਠੰਢਾ ਜਲ ਛਕਾਉਣ ਦੀ ਸੇਵਾ ਵੀ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬਜ਼ੁਰਗ ਸ਼ਰਧਾਲੂਆਂ ਨੂੰ ਆਰਾਮ ਨਾਲ ਬਿਠਾਉਣ, ਸੰਗਤਾਂ ਨੂੰ ਗੁਰੂ ਘਰ ਦੀ ਮਰਿਆਦਾ ਅਨੁਸਾਰ ਅਨੁਸ਼ਾਸਨ ਬਣਾਈ ਰੱਖਣ ਅਤੇ ਇਲਾਹੀ ਕੀਰਤਨ ਸਰਵਣ ਕਰਨ ਲਈ ਪ੍ਰੇਰਿਤ ਕਰਨ ਦੀ ਸੇਵਾ ਵੀ ਨਿਭਾਈ। ਇਨ੍ਹਾਂ ਸੇਵਾ ਕਰਨ ਵਾਲਿਆਂ ਵਿਚ ਕਾਲਜ ਦੇ ਐੱਨ.ਐੱਸ.ਐੱਸ. ਤੇ ਐੱਨ.ਸੀ.ਸੀ. ਯੂਨਿਟ ਅਤੇ ਮਾਤਾ ਗੁਜਰੀ ਸਟੱਡੀ ਸਰਕਲ ਦੇ ਲਗਭਗ 100 ਵਿਦਿਆਰਥੀ ਅਤੇ 10 ਸਟਾਫ਼ ਮੈਂਬਰ ਸ਼ਾਮਿਲ ਸਨ। ਕਾਲਜ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਿਵੇਕਲਾ ਉਪਰਾਲਾ ਵਿਦਿਆਰਥੀਆਂ ਦੇ ਗਰਮੀਆਂ ਦੌਰਾਨ ਛੁੱਟੀਆਂ ਦੇ ਸਮੇਂ ਨੂੰ ਸਾਰਥਿਕ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਧਾਰਮਿਕ ਰਹੁਰੀਤਾਂ, ਸਿੱਖੀ ਅਤੇ ਗੁਰਮਤਿ ਕਦਰਾਂ ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਤੇ ਅਜਿਹੀਆਂ ਸੇਵਾ-ਆਧਾਰਿਤ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਵਿਦਿਆਰਥੀਆਂ ਨਾਲ ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਬੀਰਿੰਦਰ ਸਿੰਘ ਸਰਾਓ, ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ, ਡਾ. ਜੁਝਾਰ ਸਿੰਘ, ਐੱਨ.ਸੀ.ਸੀ. ਅਫ਼ਸਰ ਲੈਫਟੀਨੈਂਟ ਡਾ. ਪੁਸ਼ਪਿੰਦਰ ਸਿੰਘ, ਪ੍ਰੋ. ਹਰਦੀਪ ਕੌਰ, ਪ੍ਰੋ. ਮਾਨਸੀ ਸਿੰਗਲਾ, ਬਲਜੀਤ ਕੌਰ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਅਤੇ ਭਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਆਧਿਆਤਮਿਕ ਜਾਗਰੂਕਤਾ ਹੀ ਮਨੁੱਖ ਨੂੰ ਸਹੀ ਦਿਸ਼ਾ ਦੇ ਸਕਦੀ-ਸਾਧਵੀ ਨਵਨੀਤ ਭਾਰਤੀ ਅਗਲੀ ਖ਼ਬਰ ਰਣਜੀਤ ਐਵੇਨਿਊ ’ਚ ਸਨੂਕਰ ਖੇਡਦੇ ਨੌਜਵਾਨ ’ਤੇ ਹਮਲਾ ਕਰਨ ਵਾਲਿਆਂ ਕੋਲ ਸੀ ਖਿਡਾਉਣਾ ਪਿਸਤੌਲ-ਪੁਲਿਸ ਦਾ ਦਾਅਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।