02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਸੰਬੰਧੀ ਦਿਸ਼ਾ ਕਮੇਟੀ ਦੀ ਔਜਲਾ ਦੀ ਅਗਵਾਈ ਹੇਠ ਮੀਟਿੰਗ

ਅਜੀਤ ਡੈਸਕ 07-07-2026

ਅੰਮ੍ਰਿਤਸਰ, 6 ਜੁਲਾਈ (ਰੇਸ਼ਮ ਸਿੰਘ)-ਲੋਕ ਸਭਾ ਮੈਂਬਰ ਅਤੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੇ ਚੇਅਰਮੈਨ ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਅੱਜ ਸਥਾਨਿਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਪਿਛਲੀ ਮੀਟਿੰਗ ਦੇ ਫੈਸਲਿਆਂ ‘ਤੇ ਹੋਈ ਕਾਰਵਾਈ ਦਾ ਰੀਵਿਊ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ । ਸ: ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਅਤੇ ਸੈਲਾਨੀ ਆਉਂਦੇ ਹਨ, ਇਸ ਲਈ ਸ਼ਹਿਰ ਦੀ ਸਫ਼ਾਈ ਵਿਵਸਥਾ ਹੋਰ ਬਿਹਤਰ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਸ਼ਹਿਰ ਵਿਚ ਝੁੱਗੀਆਂ-ਝੌਂਪੜੀਆਂ ਵਾਲਿਆਂ ਵਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ। ਨਗਰ ਨਿਗਮ ਵਲੋਂ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਜਾਣਕਾਰੀ ਵੀ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ। ਉਨ੍ਹਾਂ ਸ਼ਹਿਰ ਵਿਚ ਮਿਲਾਵਟੀ ਦੁੱਧ, ਪਨੀਰ, ਮਠਿਆਈਆਂ ਅਤੇ ਹੋਰ ਖਾਧ ਪਦਾਰਥਾਂ ਦੀ ਵਿਕਰੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਿਹਤ ਵਿਭਾਗ ਅਤੇ ਫੂਡ ਸੇਫਟੀ ਅਧਿਕਾਰੀਆਂ ਨੂੰ ਮਿਲਾਵਟਖੋਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੇ ਪਦਾਰਥਾਂ ਵਿਚ ਮਿਲਾਵਟਖੋਰੀ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡੀ.ਸੀ. ਦਲਵਿੰਦਰਜੀਤ ਸਿੰਘ ਨੇ ਲੋਕ ਸਭਾ ਮੈਂਬਰ ਅਤੇ ਚੇਅਰਮੈਨ ਦਿਸ਼ਾ ਕਮੇਟੀ ਸ: ਔਜਲਾ ਨੂੰ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸ.ਡੀ.ਐੱਮ-2 ਸ੍ਰੀਮਤੀ ਅਲਕਾ ਕਾਲੀਆ, ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਚੱਬਾ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਨਿਗਮ ਨੇ ਧਾਰਮਿਕ ਸਥਾਨ ਦੇ ਨਾਂਅ ’ਤੇ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਦਾ ਕੰਮ ਬੰਦ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।