ਅੰਮ੍ਰਿਤਸਰ, 20 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਦੀ ਅੰਮ੍ਰਿਤਸਰ ਸਹਿਕਾਰੀ ਬੈਂਕ ਦੇ ਸਮੂਹ ਮੁਲਾਜ਼ਮਾਂ ਵਲੋਂ ਸਾਂਝਾਂ ਮੁਲਾਜ਼ਮ ਮੰਚ ਦੇ ਸੱਦੇ ‘ਤੇ ਕਲਮ ਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਮਿਤੀ 17-07-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਦਾ ਤਨਖ਼ਾਹ ਸਕੇਲ ਲਾਗੂ ਕਰਨ ਸੰਬੰਧੀ ਜਾਰੀ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਜਤਾਇਆ ਗਿਆ। ਮੁਲਾਜ਼ਮਾਂ ਨੇ ਸਾਂਝਾਂ ਮੁਲਾਜ਼ਮ ਮੰਚ ਵਲੋਂ ਉਲੀਕੇ ਗਏ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਮਿਤੀ 07-08-2026 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂਰੈਲੀ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਮੁਲਾਜ਼ਮਾਂ ਨੇ ਸਹਾਇਕ ਮੈਨੇਜਰਾਂ ਤੋਂ ਮੈਨੇਜਰ ਦੀਆਂ ਲੰਬਿਤ ਤਰੱਕੀਆਂ ‘ਚ ਹੋ ਰਹੀ ਬੇਲੋੜੀ ਦੇਰੀ ‘ਤੇ ਵੀ ਭਾਰੀ ਰੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣ ਲਈ ਲਗਾਈ ਗਈ ਆਪਰੇਟਿੰਗ ਪ੍ਰੋਫਿਟ ਦੀ ਸ਼ਰਤ ਨੂੰ ਤੁਰੰਤ ਖਤਮ ਕਰਨ ਦੀ ਮੰਗ ਵੀ ਦੁਹਰਾਈ ਗਈ। ਯੂਨੀਅਨ ਪ੍ਰਧਾਨ ਦੀਪਕ ਸੱਚਦੇਵਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਬੰਧਨ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਦੀ ਅੰਮ੍ਰਿਤਸਰ ਸਹਿਕਾਰੀ ਬੈਂਕ ਦੇ ਸਮੂਹ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ
ਅਜੀਤ ਡੈਸਕ
21-07-2026