ਅੰਮ੍ਰਿਤਸਰ, 21 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਸਬਸਿਡਾਈਜ਼ਡ ਯੂਰੀਆ ਦੀ ਗ਼ੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਫੀਡ ਫੈਕਟਰੀਆਂ ਅਤੇ ਡਾਈਂਗ ਯੂਨਿਟਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਿਸੇ ਵੀ ਉਦਯੋਗਿਕ ਇਕਾਈ ਵਿਚ ਖੇਤੀਬਾੜੀ ਲਈ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਜਾਂ ਭੰਡਾਰਨ ਨਹੀਂ ਪਾਇਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਅਮਰਜੀਤ ਸਿੰਘ ਦੋਸਾਂਝ ਨੇ ਦੱਸਿਆ ਕਿ ਖੇਤੀਬਾੜੀ ਗ੍ਰੇਡ ਨੀਮ ਕੋਟਿਡ ਯੂਰੀਆ ‘ਤੇ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਕਾਰਨ ਇਸ ਦੀ ਵਰਤੋਂ ਸਿਰਫ਼ ਖੇਤੀਬਾੜੀ ਕਾਰਜਾਂ ਲਈ ਹੀ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਫੀਡ ਫੈਕਟਰੀਆਂ ਅਤੇ ਹੋਰ ਉਦਯੋਗਿਕ ਇਕਾਈਆਂ ਲਈ ਟੈਕਨੀਕਲ ਗ੍ਰੇਡ ਯੂਰੀਆ ਉਪਲਬਧ ਕਰਵਾਈ ਜਾਂਦੀ ਹੈ, ਜਿਸ ‘ਤੇ ਕਿਸੇ ਕਿਸਮ ਦੀ ਸਬਸਿਡੀ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਬਸਿਡਾਈਜ਼ਡ ਯੂਰੀਆ ਦੀ ਡਾਇਵਰਜਨ ਨੂੰ ਰੋਕਣ ਲਈ ਅਜਿਹੀਆਂ ਅਚਨਚੇਤ ਚੈਕਿੰਗਾਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਖੇਤੀਬਾੜੀ ਅਫ਼ਸਰ ਵੇਰਕਾ ਰਮਨ ਕੁਮਾਰ, ਖੇਤੀਬਾੜੀ ਅਫ਼ਸਰ ਚੋਗਾਵਾਂ ਬਲਵਿੰਦਰ ਸਿੰਘ ਛੀਨਾ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਡਾ. ਪਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵੇਰਕਾ ਸ. ਗੁਰਜੀਤ ਸਿੰਘ ਵੀ ਹਾਜ਼ਰ ਸਨ।
ਖੇਤੀਬਾੜੀ ਵਿਭਾਗ ਵਲੋਂ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ
ਅਜੀਤ ਡੈਸਕ
22-07-2026