ਸੁਲਤਾਨਵਿੰਡ ਦੀਆਂ ਗਲੀਆਂ-ਬਾਜ਼ਾਰਾਂ ’ਚ ਕੂੜੇ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ
ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਲੋਕਾਂ ’ਚ ਰੋਸ, ਨਗਰ ਨਿਗਮ ਤੋਂ ਤੁਰੰਤ ਕਾਰਵਾਈ ਦੀ ਮੰਗ
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੀਆਂ ਵੱਖ-ਵੱਖ ਵਾਰਡਾਂ ਵਿਚ ਫੈਲੇ ਪਿੰਡ ਸੁਲਤਾਨਵਿੰਡ ਦੀਆਂ ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਕੂੜਾ ਕਈ-ਕਈ ਦਿਨਾਂ ਤੱਕ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਵੱਡੇ ਹੁੰਦੇ ਜਾ ਰਹੇ ਹਨ, ਜਿਸ ਕਾਰਨ ਇਲਾਕੇ ਵਿਚ ਬਦਬੂ ਫੈਲਣ ਦੇ ਨਾਲ-ਨਾਲ ਲੋਕਾਂ ਲਈ ਆਉਣਾ-ਜਾਣਾ ਵੀ ਮੁਸ਼ਕਿਲ ਬਣਿਆ ਹੋਇਆ ਹੈ।
ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ)- ਹਲਕਾ ਦੱਖਣੀ ਦੀਆਂ ਵੱਖ-ਵੱਖ ਵਾਰਡਾਂ ਵਿਚ ਫੈਲੇ ਪਿੰਡ ਸੁਲਤਾਨਵਿੰਡ ਦੀਆਂ ਗਲੀਆਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਕੂੜਾ ਕਈ-ਕਈ ਦਿਨਾਂ ਤੱਕ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਵੱਡੇ ਹੁੰਦੇ ਜਾ ਰਹੇ ਹਨ, ਜਿਸ ਕਾਰਨ ਇਲਾਕੇ ਵਿਚ ਬਦਬੂ ਫੈਲਣ ਦੇ ਨਾਲ-ਨਾਲ ਲੋਕਾਂ ਲਈ ਆਉਣਾ-ਜਾਣਾ ਵੀ ਮੁਸ਼ਕਿਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸੁਲਤਾਨਵਿੰਡ ਦੇ ਕਈ ਹਿੱਸਿਆਂ ਵਿਚ ਸਫ਼ਾਈ ਪ੍ਰਬੰਧ ਲੋੜੀਂਦੇ ਪੱਧਰ ’ਤੇ ਨਹੀਂ ਹਨ । ਗਲੀਆਂ ਅਤੇ ਬਾਜ਼ਾਰਾਂ ਵਿਚ ਲੋਕਾਂ ਵਲੋਂ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੁੱਟਣ ਲਈ ਬਣਾਏ ਗਏ ਸਥਾਨਾਂ ’ਤੇ ਕੂੜੇ ਦੇ ਢੇਰ ਲੱਗੇ ਰਹਿੰਦੇ ਹਨ। ਕੂੜਾ ਸਮੇਂ ਸਿਰ ਨਾ ਚੁੱਕੇ ਜਾਣ ਕਾਰਨ ਇਹ ਗੰਦਗੀ ਸੜਕਾਂ ਅਤੇ ਗਲੀਆਂ ਤੱਕ ਫੈਲ ਜਾਂਦੀ ਹੈ। ਇਸ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਆਸ-ਪਾਸ ਰਹਿਣ ਵਾਲੇ ਪਰਿਵਾਰਾਂ ਨੂੰ ਖਾਸ ਤੌਰ ’ਤੇ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ । ਲੋਕਾਂ ਦਾ ਕਹਿਣਾ ਹੈ ਕਿ ਕੂੜੇ ਦੇ ਢੇਰਾਂ ਦੇ ਆਲੇ-ਦੁਆਲੇ ਆਵਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਅਤੇ ਕਈ ਵਾਰ ਕੂੜੇ ਨੂੰ ਖਿਲਾਰ ਦਿੰਦੇ ਹਨ। ਇਸ ਨਾਲ ਸੜਕਾਂ ਅਤੇ ਗਲੀਆਂ ਵਿਚ ਗੰਦਗੀ ਹੋਰ ਵੱਧ ਜਾਂਦੀ ਹੈ। ਕਈ ਥਾਵਾਂ ’ਤੇ ਪਲਾਸਟਿਕ ਦੇ ਲਿਫ਼ਾਫ਼ੇ, ਖਾਣ-ਪੀਣ ਦੀ ਰਹਿੰਦ-ਖੂੰਹਦ ਅਤੇ ਹੋਰ ਕੂੜਾ ਸੜਕਾਂ ਦੇ ਕਿਨਾਰਿਆਂ ’ਤੇ ਪਿਆ ਦਿਖਾਈ ਦਿੰਦਾ ਹੈ। ਲੋਕਾਂ ਨੇ ਦੱਸਿਆ ਕਿ ਸਫ਼ਾਈ ਨਾ ਹੋਣ ਕਾਰਨ ਇਲਾਕੇ ਦੀ ਦਿੱਖ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਰੋਜ਼ਾਨਾ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਗੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਬਰਸਾਤ ਦੇ ਦਿਨਾਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਕੂੜੇ ਦੇ ਢੇਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਕਾਰਨ ਗੰਦਗੀ ਅਤੇ ਬਦਬੂ ਵਧ ਜਾਂਦੀ ਹੈ। ਇਸ ਦੇ ਨਾਲ ਹੀ ਕੂੜਾ ਨਾਲੀਆਂ ਦੇ ਨੇੜੇ ਪਿਆ ਹੋਣ ਕਾਰਨ ਨਿਕਾਸੀ ਪ੍ਰਬੰਧ ਵੀ ਪ੍ਰਭਾਵਿਤ ਹੋਣ ਦਾ ਖਦਸ਼ਾ ਰਹਿੰਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਆਮਦ ਨਿਯਮਤ ਕੀਤੀ ਜਾਵੇ ਅਤੇ ਜਿੱਥੇ ਵੀ ਕੂੜੇ ਦੇ ਢੇਰ ਲੱਗਦੇ ਹਨ, ਉੱਥੋਂ ਤੁਰੰਤ ਸਫ਼ਾਈ ਕਰਵਾਈ ਜਾਵੇ । ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸੁਲਤਾਨਵਿੰਡ ਦੀਆਂ ਸਾਰੀਆਂ ਵਾਰਡਾਂ ਵਿਚ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕਰਕੇ ਕੂੜੇ ਦੀ ਨਿਯਮਤ ਚੁਕਾਈ ਯਕੀਨੀ ਬਣਾਈ ਜਾਵੇ।