ਅੰਮ੍ਰਿਤਸਰ ’ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ: ਕੇਸ਼ਵ ਸ਼ਿਵਾਲਾ ਗੈਂਗ ਦੇ 3 ਸ਼ੂਟਰ ਗੋਲੀ ਲੱਗਣ ਨਾਲ ਜ਼ਖ਼ਮੀ
ਛੇਹਰਟਾ, 25 ਸਤੰਬਰ (ਪੱਤਰ ਪ੍ਰੇਰਕ)-ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਅਧੀਨ ਆਉਂਦੇ ਪੁਲਿਸ ਥਾਣਾ ਛੇਹਰਟਾ ਦੇ ਇਲਾਕਾ ਥਾਂਦਾ ਵਿੱਚ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਇੱਕ ਪੱਕੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਦੇ ਸਰਗਰਮ ਸ਼ੂਟਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਬਦਮਾਸ਼ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ।
ਘ
ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ। ਤਸਵੀਰ-ਅਜੀਤ
26-09-2026
ਛੇਹਰਟਾ, 25 ਸਤੰਬਰ (ਪੱਤਰ ਪ੍ਰੇਰਕ)-ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਅਧੀਨ ਆਉਂਦੇ ਪੁਲਿਸ ਥਾਣਾ ਛੇਹਰਟਾ ਦੇ ਇਲਾਕਾ ਥਾਂਦਾ ਵਿੱਚ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ, ਜਦੋਂ ਇੱਕ ਪੱਕੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਥਿਤ ਤੌਰ ’ਤੇ ਕੇਸ਼ਵ ਸ਼ਿਵਾਲਾ ਗੈਂਗ ਦੇ ਸਰਗਰਮ ਸ਼ੂਟਰਾਂ ਨੂੰ ਘੇਰ ਕੇ ਕਾਬੂ ਕਰ ਲਿਆ। ਇਸ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ, ਜਿਸ ਵਿੱਚ ਤਿੰਨ ਬਦਮਾਸ਼ ਲੱਤਾਂ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ। ਮੁਕਾਬਲੇ ਅਤੇ ਪੂਰੇ ਆਪ੍ਰੇਸ਼ਨ ਦੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕਿਸੇ ਵੱਡੀ ਅਪਰਾਧਿਕ ਵਾਰਦਾਤ ਅਤੇ ਟਾਰਗੇਟ ਕਿਲਿੰਗ ਦੀ ਕਥਿਤ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ। ਪੁਲਿਸ ਕਮਿਸ਼ਨਰ ਗਿੱਲ ਮੁਤਾਬਕ ਪੂਰੇ ਮਾਮਲੇ ਦੀ ਸ਼ੁਰੂਆਤ ਇੱਕ ਗੁਪਤ ਸੂਚਨਾ ਤੋਂ ਹੋਈ। ਪੱਕੀ ਸੂਚਨਾ ਦੇ ਆਧਾਰ ’ਤੇ ਛੇਹਰਟਾ ਥਾਣੇ ਦੇ ਐੱਸਐੱਚਓ ਬਲਵਿੰਦਰ ਸਿੰਘ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ ਸੀ ਤੇ ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਸਭ ਤੋਂ ਪਹਿਲਾਂ ਵਿਸ਼ਾਲ ਨਾਮਕ ਬਦਮਾਸ਼ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ .30 ਬੋਰ ਦੀ ਇੱਕ ਗਲੌਕ ਪਿਸਤੌਲ ਬਰਾਮਦ ਕੀਤੀ ਗਈ ਸੀ ਤੇ ਵਿਸ਼ਾਲ ਨੂੰ ਹਿਰਾਸਤ ਵਿੱਚ ਲੈ ਕੇ ਜਦੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਹੋਰ ਸਾਥੀ ਥਾਂਦਾ ਰੋਡ ਨੇੜੇ ਝਾੜੀਆਂ ਅਤੇ ਜੰਗਲਨੁਮਾ ਇਲਾਕੇ ਵਿੱਚ ਲੁਕੇ ਹੋਏ ਹਨ। ਪੁਲਿਸ ਮੁਤਾਬਕ ਉਹ ਕਿਸੇ ਵੱਡੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਵਿਸ਼ਾਲ ਦੇ ਇਸ਼ਾਰੇ ਦੀ ਉਡੀਕ ਕਰ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਤੇ ਪੁਲਿਸ ਵਲੋਂ ਲਾਊਡਸਪੀਕਰ ਰਾਹੀਂ ਬਦਮਾਸ਼ਾਂ ਨੂੰ ਵਾਰ-ਵਾਰ ਸਰੰਡਰ ਕਰਨ ਦੀ ਅਪੀਲ ਕੀਤੀ ਗਈ। ਪੁਲਿਸ ਮੁਤਾਬਕ ਚਿਤਾਵਨੀ ਨੂੰ ਅਣਦੇਖਾ ਕਰਦਿਆਂ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਦੌਰਾਨ ਚਾਰ ’ਚੋਂ ਤਿੰਨ ਬਦਮਾਸ਼ਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਪੁਲਿਸ ਨੇ ਚਾਰਾਂ ਨੂੰ ਕਾਬੂ ਕਰ ਲਿਆ। ਜ਼ਖ਼ਮੀ ਬਦਮਾਸ਼ਾਂ ਨੂੰ ਤੁਰੰਤ ਮੁੱਢਲੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਅਨੁਸਾਰ ਜ਼ਖ਼ਮੀਆਂ ਦੀ ਪਛਾਣ ਛਿੰਦਾ ਪਹਿਲਵਾਨ ਵਾਸੀ ਫਿਰੋਜ਼ਪੁਰ, ਸ਼ਿਵਮ ਉਰਫ਼ ਸ਼ਿਵਾ ਵਾਸੀ ਫਰੀਦਕੋਟ ਅਤੇ ਲਵਕੇਸ਼ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਚੌਥੇ ਸਾਥੀ ਰਾਜਵਿੰਦਰ ਵਾਸੀ ਅੰਮ੍ਰਿਤਸਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ 5 ਪਿਸਤੌਲ, ਜਿਨ੍ਹਾਂ ਵਿੱਚ 2 ਗਲੌਕ ਅਤੇ 3 ਬੇਰੇਟਾ ਪਿਸਤੌਲ ਸ਼ਾਮਿਲ ਹਨ, ਸਮੇਤ 20 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਕਮਿਸ਼ਨਰ ਗਿੱਲ ਨੇ ਦੱਸਿਆ ਕਿ ਇਹ ਪੂਰਾ ਆਪ੍ਰਸ਼ਨ ਡੀਸੀਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ, ਡੀਸੀਪੀ ਸਿਟੀ ਤੇਜਾ ਸਾਹਿਬ ਅਤੇ ਏਡੀਸੀਪੀ ਸਿਟੀ-2 ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਫਰੀਦਕੋਟ ਸਮੇਤ ਗੁਆਂਢੀ ਜ਼ਿਲ੍ਹਿਆਂ ’ਚ ਹਥਿਆਰਾਂ ਦੀ ਸਪਲਾਈ ਚੇਨ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਲਈ ਡੀਐੱਸਪੀ ਰੈਂਕ ਦੇ ਦੋ ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਟੀਮਾਂ ਵੀ ਭੇਜੀਆਂ ਗਈਆਂ ਹਨ। ਪੁਲਿਸ ਕਮਿਸ਼ਨਰ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਫਿਲਹਾਲ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਤਾਂ ਜੋ ਉਨ੍ਹਾਂ ਦੇ ਪੂਰੇ ਨੈੱਟਵਰਕ ਅਤੇ ਪਿਛਲੀਆਂ ਵਾਰਦਾਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ।