21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਸੰਬੰਧੀ ਸ੍ਰੀ ਦਰਬਾਰ ਸਾਹਿਬ ਨੇੜਲੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਪ੍ਰਸ਼ਾਦਿ ਤੇ ਸੱਦਾ ਪੱਤਰ ਵੰਡੇ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਸੰਬੰਧੀ ਸ੍ਰੀ ਦਰਬਾਰ ਸਾਹਿਬ ਨੇੜਲੇ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਪ੍ਰਸ਼ਾਦਿ ਤੇ ਸੱਦਾ ਪੱਤਰ ਵੰਡੇ

ਅਜੀਤ ਡੈਸਕ 21-10-2026

ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 25-27 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਲੱਡੂਆਂ ਦਾ ਪ੍ਰਸ਼ਾਦਿ ਅਤੇ ਸੱਦਾ ਪੱਤਰ ਵੰਡੇ ਗਏ। ਇਸ ਮੌਕੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ (ਸਰਾਵਾਂ) ਗੁਰਪ੍ਰੀਤ ਸਿੰਘ ਆਦਿ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਣ ਦੀ ਰਸਮ ਅਦਾ ਕੀਤੀ। ਲੱਡੂਆਂ ਦੇ ਪ੍ਰਸ਼ਾਦਿ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਅਤੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਸੰਪ੍ਰਦਾਇ ਤੋਂ ਡਾ. ਧਰਮਵੀਰ ਸਿੰਘ ਕਾਰ ਸੇਵਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਾਲਿਆਂ ਵਲੋਂ ਕਰਵਾਈ ਗਈ। ਇਸ ਮੌਕੇ ਮੁੱਖ ਸਕੱਤਰ ਸ. ਮੰਨਣ ਨੇ ਕਿਹਾ ਕਿ ਚੌਥੇ ਪਾਤਸ਼ਾਹ ਨੇ ਅੰਮ੍ਰਿਤਸਰ ਨਗਰ ਦੀ ਸਥਾਪਨਾ ਸਮੇਂ ਵੱਖ-ਵੱਖ ਕਿੱਤਿਆਂ ਵਿਚ ਮੁਹਾਰਤ ਰੱਖਣ ਵਾਲੇ ਕਾਰੀਗਰਾਂ ਤੇ ਹੋਰ ਲੋਕਾਂ ਨੂੰ ਇਥੇ ਵਸਾਇਆ ਸੀ। ਗੁਰੂ ਸਾਹਿਬ ਵਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਖ਼ੁਸ਼ਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਰਿਆਂ ਦਾ ਫ਼ਰਜ਼ ਹੈ। ਗੁਰਪੁਰਬ ਸਮਾਗਮਾਂ ਬਾਰੇ ਸ. ਮੰਨਣ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 25 ਅਤੇ 26 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜ੍ਹਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ ਅਤੇ 26 ਅਕਤੂਬਰ ਨੂੰ ਸਵੇਰੇ 10:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। 27 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹਿਣਗੇ। ਅਲੌਕਿਕ ਜਲੌਅ ਸਜਾਏ ਜਾਣਗੇ ਤੇ ਸ਼ਾਮ ਸਮੇਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ। ਮੁੱਖ ਸਕੱਤਰ ਨੇ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਕਰਦਿਆਂ ਆਪਣੇ ਕਾਰੋਬਾਰੀ ਸਥਾਨਾਂ ਦੇ ਨਾਲ-ਨਾਲ ਘਰਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਦੀਪਮਾਲਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ ਤੇ ਦਿਲਬਾਗ ਸਿੰਘ ਆਦਿ ਵੀ ਮੌਜੂਦ ਸਨ।

 

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਲਈ ਸਰਕਾਰੀ ਏਜੰਸੀਆਂ ਦਾ ਇਸਤੇਮਾਲ ਕਰ ਰਹੀ : ਤਲਬੀਰ ਗਿੱਲ ਅਗਲੀ ਖ਼ਬਰ ਦਲੇਰ ਮਹਿੰਦੀ ਦੇ ਸਮਰਥਨ ’ਚ ਆਏ ਮੀਕਾ, ਕਪਿਲ ਸ਼ਰਮਾ, ਬਾਦਸ਼ਾਹ, ਹਰਸ਼ਦੀਪ ਤੇ ਹੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।