ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੀਤੇ ਗਏ 72 ਕੇਸਾਂ ਵਿਚ ਬਰਾਮਦ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਸ਼ੀਲਾ ਪਾਊਡਰ ਆਦਿ ਨੂੰ ਖੰਨਾ ਪੇਪਰ ਮਿੱਲ ਵਿਖੇ ਅੱਗ ਦੀ ਭੱਠੀ ਵਿਚ ਨਸ਼ਟ ਕਰ ਦਿੱਤਾ ਗਿਆ | ਇਸ ਮੌਕੇ ਤਰਨ ਤਾਰਨ ਜ਼ਿਲ੍ਹੇ ਦੇ ਕਈ ਸੀਨੀਅਰ ਅਫ਼ਸਰ ਵੀ ਮੌਜੂਦ ਸਨ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਤਰਨ ਤਾਰਨ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਦੇ 72 ਕੇਸ ਦਰਜ ਕੀਤੇ ਗਏ ਸਨ, ਜਿੰਨਾਂ ਵਿਚ 40 ਕੇਸਾਂ ਵਿਚ 4 ਕਿੱਲੋ 818 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ | 10 ਕੇਸਾਂ ਵਿਚ 2879 ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ ਅਤੇ 21 ਦੇ ਕਰੀਬ ਕੇਸਾਂ ਵਿਚ ਦੋ ਕਿੱਲੋ 830 ਗ੍ਰਾਮ ਦੇ ਕਰੀਬ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਬਰਾਮਦ ਕੀਤੇ ਗਏ ਨਸ਼ੇ ਨੂੰ ਨਸ਼ਟ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਿਸ ਵਲੋਂ ਵੱਡੀ ਕਾਰਵਾਈ ਆਰੰਭ ਕੀਤੀ ਗਈ ਹੈ ਅਤੇ ਬਹੁਤ ਸਾਰੇ ਵੱਡੇ ਛੋਟੇ ਨਸ਼ਾ ਤਸਕਰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜੇ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ੇ ਦੇ ਮਾਮਲੇ ਵਿਚ ਸਖ਼ਤੀ ਨਾਲ ਕੰਮ ਕਰ ਰਹੀ ਹੈ ਅਤੇ ਨਸ਼ੇ ਦੇ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਰਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਸਵੇਰੇ ਤੜ੍ਹਕਸਾਰ ਤੋਂ ਲੈ ਕੇ ਦੇਰ ਰਾਤ ਤੱਕ ਪੁਲਿਸ ਵਲੋਂ ਪੱਕੇ ਨਾਕਿਆਂ ਦੇ ਨਾਲ-ਨਾਲ ਉਨ੍ਹਾਂ ਥਾਵਾਂ 'ਤੇ ਵੀ ਨਾਕੇ ਲਗਾਏ ਜਾ ਰਹੇ ਹਨ, ਜਿਥੇ ਪੁਲਿਸ ਨੂੰ ਸ਼ੱਕ ਪੈਂਦਾ ਹੈ | ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਧੰਦੇ ਨੂੰ ਛੱਡ ਜਾਣ ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ |