16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਦਾਲਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ- ਯਾਦਵਿੰਦਰ ਸਿੰਘ

ਅਜੀਤ ਡੈਸਕ 15-02-2026
ਖਡੂਰ ਸਾਹਿਬ, 14 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਆਲੂਆਂ ਦੀ ਪੁਟਾਈ ਤੋਂ ਬਾਅਦ ਗਰਮ ਰੁੱਤ ਦੀਆਂ ਦਾਲ਼ਾਂ ਬੀਜਣ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ | ਉਨ੍ਹਾਂ ਦੱਸਿਆ ਕਿ ਗਰਮ ਰੁੱਤ ਦੀ ਮੂੰਗੀ ਘੱਟ ਸਮਾਂ ਲੈਣ ਵਾਲੀ ਇਕ ਮਹੱਤਵਪੂਰਨ ਦਾਲ਼ ਵਾਲੀ ਫ਼ਸਲ ਹੈ | ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਕੇ ਕਿਸਾਨ ਜਿਥੇ ਵਧੇਰੇ ਆਮਦਨ ਲੈ ਸਕਦੇ ਹਨ, ਉਥੇ ਜ਼ਮੀਨ ਦੀ ਸਿਹਤ ਵੀ ਸੁਧਾਰੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਹੋਰਨਾਂ ਦਾਲ਼ਾਂ ਨਾਲੋਂ ਵਧੇਰੇ ਗਰਮੀ ਸਹਾਰ ਸਕਣ ਕਾਰਨ ਇਸਦੀ ਕਾਸ਼ਤ ਲਈ ਬਹੁਤ ਗਰਮ ਜਲਵਾਯੂ ਦੀ ਜ਼ਰੂਰਤ ਹੈ, ਇਸ ਦੀ ਕਾਸ਼ਤ ਲਈ ਚੰਗੇ ਪਾਣੀ ਦੇ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਬਹੁਤ ਹੀ ਢੁਕਵੀਂ ਹੈ | ਮੂੰਗੀ ਦੀ ਕਾਸ਼ਤ ਲਈ ਚਾਰ ਕਿਸਮਾਂ ਐੱਸ ਐੱਮ ਐੱਲ 1827, ਐੱਸ ਐੱਮ ਐੱਲ 832, ਐੱਸ ਐੱਮ ਐੱਲ 668 ਅਤੇ ਟੀ.ਐੱਮ ਬੀ 37 ਦੀ ਸਿਫਾਰਸ਼ ਕੀਤੀ ਗਈ ਹੈ | ਇਹ ਕਿਸਮਾਂ 60 ਤੋਂ 65 ਦਿਨਾਂ ਦੇ ਵਿਚ ਪੱਕ ਜਾਂਦੀਆਂ ਹਨ ਅਤੇ ਔਸਤਨ ਝਾੜ ਚਾਰ ਤੋਂ ਪੰਜ ਕੁਇੰਟਲ ਪ੍ਰਤੀ ਏਕੜ ਹੈ | ਮੂੰਗੀ ਦੀ ਬਿਜਾਈ 20 ਮਾਰਚ ਤੋਂ ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਕੀਤੀ ਜਾ ਸਕਦੀ ਹੈ | ਬੀਜਣ ਤੋਂ ਪਹਿਲਾਂ ਮੂੰਗੀ ਦੇ ਬੀਜ ਨੂੰ ਉੱਲੀ ਨਾਸ਼ਕ ਜਾਂ ਜੈਵਿਕ ਤਰੀਕੇ ਰਾਹੀਂ ਸੋਧ ਲੈਣਾ ਚਾਹੀਦਾ ਹੈ ਇਸ ਤਰ੍ਹਾਂ ਕਰਨ ਨਾਲ ਝਾੜ ਵੱਧਦਾ ਹੈ ਅਤੇ ਬਿਮਾਰੀਆਂ ਤੋਂ ਵੀ ਬਚਾਅ ਹੁੰਦਾ ਹੈ | ਉਨ੍ਹਾਂ ਕਿਾਹ ਕਿ ਆਲੂਆਂ ਦੀ ਪੁਟਾਈ ਤੋਂ ਬਾਅਦ ਮੂੰਗੀ ਦੀ ਕਾਸ਼ਤ ਬਿਨਾਂ ਕੋਈ ਖਾਦ ਦੀ ਵਰਤੋਂ ਕੀਤਿਆਂ ਵੀ ਕੀਤੀ ਜਾ ਸਕਦੀ ਹੈ | ਇਸ ਮੌਕੇ ਸੁਖਦੇਵ ਸਿੰਘ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਬਲਰਾਜ ਸਿੰਘ, ਹਰਦਿਆਲ ਸਿੰਘ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਅਗਲੀ ਖ਼ਬਰ ਸੈਂਟਰਲ ਕੋਆਪ੍ਰੇਟਿਵ ਬੈਂਕ ਨੇ ਖੋਸਾ ਦਲ ਸਿੰਘ 'ਚ ਲਗਾਇਆ ਵਿੱਤੀ ਸਾਖਰਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।