ਬਾਬਾ ਬਕਾਲਾ ਸਾਹਿਬ, 14 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਬੋਲੇਵਾਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤਸਰ ਪਬਲਿਕ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਵੱਧ ਤੋਂ ਵੱਧ ਇਨਾਮ ਹਾਸਿਲ ਕਰਕੇ ਸਕੂਲ ਦਾ ਨਾਂ ਇਲਾਕੇ ਵਿਚ ਰੌਸ਼ਨ ਕੀਤਾ | ਕਵਿਤਾ ਮੁਕਾਬਲੇ ਵਿਚ ਦੂਸਰੀ ਜਮਾਤ ਦੀ ਵਿਦਿਆਰਥਣ ਜਪਸਿਮਰਨ ਕੌਰ ਨੇ ਪਹਿਲਾ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਨਿਮਰਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਦੁਮਾਲਾ ਮੁਕਾਬਲੇ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਮਨੀ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਦਸਤਾਰ ਮੁਕਾਬਲੇ ਵਿਚ ਵੀ ਅੱਠਵੀਂ ਜਮਾਤ ਦੇ ਵਿਦਿਆਰਥੀ ਸੁਖਰਾਜ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ | ਗੁਰਬਾਣੀ ਕੰਠ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਕਿਰਪਾਲਜੋਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਤੇ ਭਾਸ਼ਣ ਮੁਕਾਬਲੇ ਵਿਚ ਛੇਵੀਂ ਜਮਾਤ ਦੇ ਵਿਦਿਆਰਥਣ ਵੀਰਪਾਲ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸੰਤ ਸਰ ਪਬਲਿਕ ਸਕੂਲ, ਬੁਤਾਲਾ ਦੇ ਧਾਰਮਿਕ ਅਧਿਆਪਕ ਸਿਮਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਨਗੀਨ ਸਿੰਘ ਬੱਲ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਬਾਕੀ ਬੱਚਿਆਂ ਨੂੰ ਦੱਸਿਆ ਕਿ ਸ਼ਖ਼ਸੀਅਤ ਦਾ ਸਰਵ ਪੱਖੀ ਵਿਕਾਸ ਤਾਂ ਹੀ ਹੋ ਸਕਦਾ ਹੈ ਜੇਕਰ ਧਾਰਮਿਕ ਪੱਖ ਨੂੰ ਅੱਖੋਂ ਪਰੋਖੇ ਨਾ ਕੀਤਾ ਜਾਵੇ |