ਅੰਮਿ੍ਤਸਰ, 15 ਫਰਵਰੀ (ਜਸਵੰਤ ਸਿੰਘ ਜੱਸ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਿੰਡ ਬਹਿੜਵਾਲ, ਨਜ਼ਦੀਕ ਅਲਗੋਂ ਕੋਠੀ (ਤਰਨ ਤਾਰਨ) ਵਿਖੇ ਸਾਲਾਨਾ ਗੁਰਮਤਿ ਸਮਾਗਮ 17 ਫਰਵਰੀ ਨੂੰ ਬਹੁਤ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਸ: ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਨਗਰ ਦੀਆਂ ਸੰਗਤਾਂ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸੱਜਣਗੇ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸ਼ੁਭਦੀਪ ਸਿੰਘ, ਬੀਬੀ ਰੁਪਿੰਦਰ ਕੌਰ ਢਾਡੀ ਜਥਾ ਅਤੇ ਭਾਈ ਸਤਨਾਮ ਸਿੰਘ ਬੱਲੋਵਾਲ ਕਵੀਸ਼ਰੀ ਜਥਾ ਧਰਮ ਪ੍ਰਚਾਰ ਕਮੇਟੀ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ | ਇਸ ਸਮੇਂ ਇਲਾਕੇ ਦੇ ਸੰਤ ਮਹਾਂਪੁਰਸ਼ ਵੀ ਸੰਗਤਾਂ ਦੇ ਦਰਸ਼ਨ ਕਰਨਗੇ | ਗੁਰੂ ਦਾ ਲੰਗਰ ਅਤੁੱਟ ਵਰਤੇਗਾ |