ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ 8 ਵੀਂ ਜਮਾਤ ਦੀ ਚੱਲ ਰਹੀ ਪ੍ਰੀਖਿਆ ਦਾ ਜਾਇਜਾ ਲੈਣ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਜਾ ਕੇ ਚੈਕਿੰਗ ਕੀਤੀ ਗਈ | ਇਸ ਮੌਕੇ ਗੱਲਬਾਤ ਦੌਰਾਨ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਦਿੱਤੇ ਸਖ਼ਤ ਹੁਕਮਾਂ ਤਹਿਤ ਨਕਲ ਦੇ ਕੋਹੜ ਨੂੰ ਜ਼ੜ ਤੋਂ ਖਤਮ ਕੀਤਾ ਜਾਵੇਗਾ ਅਤੇ ਅੱਠਵੀਂ ਜਮਾਤ ਦੀ ਹੋ ਰਹੀ ਪ੍ਰੀਖਿਆ ਨਕਲ ਰਹਿਤ ਹੋਵੇਗੀ, ਇਸ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਪ੍ਰੀਖਿਆ ਕੇਂਦਰਾਂ ਵਿਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਵਿਦਿਆਰਥੀ ਨੂੰ ਨਕਲ ਨਹੀਂ ਮਾਰਨ ਦਿੱਤੀ ਜਾਵੇਗਾ, ਉਥੇ ਅਧਿਆਪਕਾਂ ਨੂੰ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਕਲ ਰਹਿਤ ਪ੍ਰੀਖਿਆ ਕਰਵਾਉਣਾ ਉਨ੍ਹਾਂ ਦਾ ਫਰਜ ਹੈ ਅਤੇ ਜੇਕਰ ਕੋਈ ਵਿਦਿਆਰਥੀ ਨਕਲ ਕਰਦਾ ਫੜਿਆ ਜਾਂਦਾ ਹੈ, ਤਾਂ ਉਸਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਵੀ ਲਗਾਤਾਰ ਸਕੂਲਾਂ ਵਿਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਅਧਿਕਾਰੀਆਂ ਅਤੇ ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੜ੍ਹਾਈ ਕਰਕੇ ਪ੍ਰੀਖਿਆ ਦੇਣ ਅਤੇ ਨਕਲ ਕਰਨ ਤੋਂ ਗੁਰੇਜ ਕਰਨ | ਇਸ ਮੌਕੇ ਉਨ੍ਹਾਂ ਨਾਲ ਤਰਸੇਮ ਸਿੰਘ, ਸੰਦੀਪ ਸਿੰਘ ਵੀ ਮੌਜੂਦ ਸਨ |