ਪੱਟੀ, 28 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਰਵਾਈ ਗਈ ਗਈ 'ਮੈਗਾ ਮਾਪੇ-ਅਧਿਆਪਕ ਮਿਲਣੀ' ਬੇਹੱਦ ਸਫਲ ਅਤੇ ਯਾਦਗਾਰੀ ਹੋ ਨਿੱਬੜੀ | ਇਸ ਮਿਲਣੀ ਦੌਰਾਨ ਜਿੱਥੇ ਸਕੂਲਾਂ ਵਿਚ ਮੇਲੇ ਵਰਗਾ ਮਾਹੌਲ ਦੇਖਣ ਨੂੰ ਮਿਲਿਆ, ਉਥੇ ਹੀ ਸਾਲਾਨਾ ਨਤੀਜਿਆਂ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਦੇ ਚਿਹਰਿਆਂ 'ਤੇ ਖੁਸ਼ੀ ਦੀ ਲਹਿਰ ਦੌੜ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹੁਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆਂ ਵਲਟੋਹਾ ਸਕੂਲਾਂ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਅੱਜ ਪਹਿਲੀ ਤੋਂ ਗਿਆਰ੍ਹਵੀਂ ਜਮਾਤ (ਨਾਨ-ਬੋਰਡ) ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ | ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੇ 'ਹੋਲਿਸਟਿਕ ਰਿਪੋਰਟ ਕਾਰਡ' ਸੌਂਪੇ ਗਏ, ਜਿਸ ਵਿਚ ਬੱਚੇ ਦੀ ਸਾਲ ਭਰ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਦਾ ਪੂਰਾ ਵੇਰਵਾ ਦਿੱਤਾ ਗਿਆ ਸੀ | ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਗਤੀ ਦੇਖ ਕੇ ਤਸੱਲੀ ਪ੍ਰਗਟਾਈ | 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖ਼ਲੇ ਅਤੇ ਨਿਯਮਤ ਹਾਜ਼ਰੀ ਲਈ ਪ੍ਰੇਰਿਤ ਕੀਤਾ ਗਿਆ | ਬੱਚਿਆਂ ਦੀ ਗੈਰ-ਹਾਜ਼ਰੀ ਸਬੰਧੀ ਮਾਪਿਆਂ ਨੂੰ ਮਿਲਣ ਵਾਲੇ 'ਆਟੋਮੈਟਿਕ ਐੱਸ.ਐੱਮ.ਐੱਸ. ਸਿਸਟਮ' ਬਾਰੇ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਮਾਪਿਆਂ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਸਕੂਲ ਦਾ ਅਹਿਮ ਹਿੱਸਾ ਬਣਾਉਣਾ ਹੈ | ਇਸ ਮਿਲਣੀ ਵਿਚ ਪਿੰਡਾਂ ਦੀਆਂ ਪੰਚਾਇਤਾਂ, ਐੱਸ.ਐੱਮ.ਸੀ ਮੈਂਬਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ |