ਤਰਨ ਤਾਰਨ, 29 ਅਪ੍ਰੈਲ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਗੁਰਬੀਰ ਸਿੰਘ ਪੁੱਤਰ ਮੇਜਰ ਸਿੰਘ ਵਾਸੀਅਨ ਸਰਾਏ ਅਮਾਤ ਖਾਂ, ਸਮਸ਼ੇਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸ਼ਹੌਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 259 ਗ੍ਰਾਮ ਹੈਰੋਇਨ ਅਤੇ 5500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਐੱਸ.ਆਈ. ਜਸਵਿੰਦਰ ਸਿੰਘ ਨੇ ਨਾਗੋਕੇ ਘਰਾਟ ਤੋਂ ਜਸ਼ਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਗੋਕੇ ਨੂੰ ਕਾਬੂ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇਨ, 510 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਅਮਰਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹ ਸਮਸ਼ੇਰ ਸਿੰਘ ਪੁੱਤਰ ਕੁਲਦੀਪ ਸਿੰਘ, ਹਰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਅਨ ਖੁਵਾਸਪੁਰ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਐੱਸ.ਆਈ. ਜੈਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਭੂਰਾ ਕੋਹਨਾ ਦੇ ਭੱਠੇ ਕੋਲੋਂ ਹਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਕਰੀਮਪੁਰਾ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਿਤਾਰਾਸਿੰਘ ਪੁੱਤਰ ਟਹਿਲ ਸਿੰਘ ਵਾਸੀ ਧੁੰਨ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਬੀਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੁਰਮੀਤ ਸਿੰਘ ਪੁੱਤਰ ਫੂਲਾ ਸਿੰਘ ਵਾਸੀ ਸੇਰੋਂ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 150 ਕਿਲੋ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਸੰਗੀਤਾ ਰਾਣੀ ਨਵਲੋਂ ਗਸ਼ਤ ਦੌਰਾਨ ਖੇਮਕਰਨ ਰੋਡ ਪੱਟੀ ਤੋਂ ਪ੍ਰਭਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਧਾਰੀਵਾਲ ਤੋਂ ਚਰਨਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਧਗਾਣਾ ਅਤੇ ਜਸਵੰਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਮਾਣਕਪੁਰਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ | ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |