ਤਰਨ ਤਾਰਨ, 29 ਅਪ੍ਰੈਲ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 21 ਅਪ੍ਰੈਲ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 3 ਕੀਪੈਡ ਮੋਬਾਈਲ ਫੋਨ, 2 ਟੱਚ ਮੋਬਾਈਲ ਫੋਨ, 15 ਹੀਟਰ ਸਪਰਿੰਗ, 123 ਤੰਬਾਕੂ ਪੁੜੀਆਂ, 37 ਕੂਲਲਿੱਪ, 13 ਲਾਈਟਰ, 226 ਬੀੜੀਆਂ ਦੇ ਬੰਡਲ ਲਵਾਰਿਸ ਹਾਲਤ ਵਿਚ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |