ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਸਬ ਇੰਸਪੈਕਟਰ ਰਚਨਾ ਕੁਮਾਰੀ ਗਸ਼ਤ ਦੇ ਸੰਬੰਧ ਵਿਚ ਪਿੰਡ ਚੁਤਾਲਾ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਪਿੰਡ ਦੇ ਸਮਸ਼ਾਨਘਾਟ ਵਿਚ ਇਕ ਵਿਅਕਤੀ, ਜੋ ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਨੂੰ ਕਾਬੂ ਕੀਤਾ | ਫੜੇ ਗਏ ਵਿਅਕਤੀ ਕੋਲੋਂ ਇਕ ਲਾਈਟਰ, ਪੰਨੀ ਸਿਲਵਰ ਪੇਪਰ ਅਤੇ ਇਕ 10 ਰੁਪਏ ਦਾ ਨੋਟ ਬਰਾਮਦ ਹੋਇਆ | ਕਾਬੂ ਕੀਤੇ ਵਿਅਕਤੀ ਦੀ ਪਛਾਣ ਦੀਪਕ ਉਰਫ਼ ਦੀਪ ਪੁੱਤਰ ਰਵਿੰਦਰ ਕੁਮਾਰ ਵਾਸੀ ਪਿੰਡ ਨੌਰੰਗਾਬਾਦ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐਸ.ਆਈ. ਦਿਲਬਾਗ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਡਰੇਨ ਨੇੜੇ ਮਹਿਦੀਪੁਰ ਮੌਜੂਦ ਸਨ ਤਾਂ ਉਨ੍ਹਾਂ ਨੂੰ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ | ਸ਼ੱਕ ਪੈਣ 'ਤੇ ਪੁਲਿਸ ਵਲੋਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਨੌਜਵਾਨ ਦੀ ਪਛਾਣ ਧਰਮਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮਹਿਦੀਪੁਰ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਪਵਨ ਕੁਮਾਰ ਉਰਫ਼ ਬੱਬੂ ਪੁੱਤਰ ਸੁਭਾਸ਼ ਚੰਦਰ ਵਾਸੀ ਪਹੂਵਿੰਡ ਰੋਡ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐਸ.ਆਈ. ਪਰਮਜੀਤ ਸਿੰਘ ਗਸ਼ਤ ਦੇ ਸੰਬੰਧ ਵਿਚ ਪੁਲਿਸ ਪਾਰਟੀ ਸਮੇਤ ਰੇਲਫੇ ਫਾਟਕ ਦੇ ਨੇੜੇ ਟੀ. ਪੁਆਇੰਟ ਮਾਨ ਰੋਡ ਮੌਜੂਦ ਸਨ ਤਾਂ ਪਿੰਡ ਮਾਨਾ ਵਾਲੇ ਪਾਸੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਪੈਣ 'ਤੇ ਜਦ ਪੁਲਿਸ ਵਲੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਲਵ ਸਿੰਘ ਪੁੱਤਰ ਰਾਜੂ ਵਾਸੀ ਘਰਿਆਲਾ ਵਜੋਂ ਹੋਈ |