ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਅਤੇ ਪਿਸਟਲ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੰਦ ਪਿਆ ਪੈਟਰੋਲ ਪੰਪ ਨਜਦੀਕ ਦਾਣਾ ਮੰਡੀ ਤਰਨ ਤਾਰਨ ਤੋਂ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਮੇਹਰ ਸਿੰਘ ਵਾਸੀ ਮੱਲੀਆ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਰੋਹੀ ਨੇੜੇ ਪੀ.ਸੀ.ਏ. ਸਕੂਲ ਤਰਨਤਾਰਨ ਤੋਂ ਅਜਮੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਨੌਸ਼ਹਿਰਾ ਪਨੂੰਆਂ ਨੂੰ ਕਾਬੂ ਕਰਕੇ ਉਸਪਾਸੋਂ 1 ਪਿਸਟਲ 32 ਬੋਰ ਸਮੇਤ ਖਾਲੀ ਮੈਗਜੀਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਭੂਰਾ ਕੋਹਨਾ ਲਿੰਕ ਰੋਡ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਸੰਜੀਵਨ ਸਿੰਘ ਪੁੱਤਰ ਰਾਜ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਐੱਸ. ਆਈ. ਰੋਹਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੇਟ ਦਦੇਹਰ ਸਾਹਿਬ ਨਜ਼ਦੀਕ ਨੇੜੇ ਦਾਣਾ ਮੰਡੀ ਸਰਹਾਲੀ ਤੋਂ ਮੰਗਲਜੀਤ ਸਿੰਘ ਪੁੱਤਰ ਰਤਨ ਸਿੰਘ ਵਾਸੀ ਸਰਹਾਲੀ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |