ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪਾਰਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਵਲੋਂ ਪੀ.ਪੀ.ਸੀ.ਸੀ. ਦੇ ਬੁਲਾਰੇ ਨਰਿੰਦਰਪਾਲ ਸਿੰਘ ਸੰਧੂ ਨੂੰ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਐਸ.ਆਈ.ਆਰ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸਪੋਕਸਮੈਨ ਨਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਜ਼ਿਲੇ ਵਿਚ ਮੰਡਲ ਅਤੇ ਬੂਥ ਕਮੇਟੀਆਂ ਦਾ ਗਠਨ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ | ਪਿੰਡਪਿੰਡ ਅਤੇ ਘਰ-ਘਰ ਤੱਕ ਕਾਂਗਰਸ ਪਾਰਟੀ ਦੀਆਂ ਜਨਹਿੱਤ ਨੀਤੀਆਂ ਨੂੰ ਪਹੁੰਚਾਇਆ ਜਾਵੇਗਾ | ਸੰਧੂ ਨੇ ਕਿਹਾ ਕਿ ਇਨਾਂ ਵਿਧਾਨ ਸਭਾ ਚੋਣਾਂ ਵਿਚ ਲੋਕ ਪੰਜਾਬ ਨੂੰ ਦੱਸ ਦੇਣਗੇ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜਿੱਤ ਦਾ ਝੰਡਾ ਲਹਿਰਾਏਗੀ | ਸੰਧੂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦਾ ਇਹ ਵਾਅਦਾ ਜੁਮਲੇਬਾਜ਼ੀ ਹੀ ਸਾਬਤ ਹੋਇਆ | ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਨਸ਼ਾ ਮੁਕਤ ਪੰਜਾਬ ਅਤੇ ਮਹਿਲਾਵਾਂ ਦਾ ਸਸ਼ਕਤੀਕਰਨ ਕੀਤਾ ਜਾਵੇਗਾ | ਇਸ ਮੌਕੇ ਉਨਾਂ ਨੇ ਪੰਜਾਬ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |