ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਬਾਜਪੁਰ ਤੋਂ ਮਲਕੀਤ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਸ਼ਹਾਬਪੁਰ ਨੂੰ ਕਾਬੂ ਕਰਕੇ ਉਸ ਪਾਸੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ. ਐੱਸ. ਆਈ. ਕੰਵਲਜੀਤ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਬਲਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਮਿਆਣੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ 200 ਲੀਟਰ ਲਾਹਣ ਬਰਾਮਦ ਕੀਤੀ ਹੈ ਜਦਕਿ ਉਕਤ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਇੰਸਪੈਕਟਰ ਬਲਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਦਾਣਾ ਮੰਡੀ ਵਾਲੀ ਸਾਈਡ ਤੋਂ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਰਮਾਨਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹੰਸਾਵਾਲਾ ਨੂੰ ਕਾਬੂ ਕੀਤਾ ਗਿਆ ਜਦਕਿ ਲਵਪ੍ਰੀਤ ਸਿੰਘ ਪੁੱਤਰ ਗੋਇੰਦਵਾਲ ਸਾਹਿਬ ਮੌਕੇ ਤੋਂ ਮੋਟਰਸਾਈਕਲ 'ਤੇ ਦੌੜ ਗਿਆ | ਕਾਬੂ ਕੀਤੇ ਅਰਮਾਨਦੀਪ ਪਾਸੋਂ 42 ਗ੍ਰਾਮ ਹੈਰੋਇਨ, 252 ਨਸ਼ੀਲੇ ਕੈਪਸੂਲ ਅਤੇ 4800 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਅਰਮਾਨਦੀਪ ਸਿੰਘ ਨੇ ਮੰਨਿਆ ਕਿ ਇਹ ਹੈਰੋਇਨ ਅਤੇ ਗੋਲੀਆਂ ਰਜਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਗੋਇੰਦਵਾਲ ਸਾਹਿਬ ਵਲੋਂ ਦਿੱਤੀਆਂ ਗਈਆਂ ਹਨ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਸੂਰਵਿੰਡ ਤੋਂ ਗੁਰਬੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਸੂਰਵਿੰਡ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪੀਰਾ ਸਾਹਬ ਪੱਟੀ ਤੋਂ ਰਾਹੁਲ ਸਿੰਘ ਪੁੱਤਰ ਜੱਜ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 4.4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ. ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |