ਸ਼ਾਹਬਾਜ਼ਪੁਰ, 4 ਜੂਨ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਮੰਮਣਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹਲਕੇ ਅੰਦਰ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਭਾਵੇਂ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਵੱਡੇ-ਵੱਡੇ ਵਆਦੇ ਕੀਤੇ ਅਤੇ ਸੂਬੇ ਦੇ ਲੋਕਾਂ ਨੇ ਇੱਕ ਵੱਡੇ ਬਦਲਾਅ ਦੀ ਆਸ ਵਿਚ ਪੰਜਾਬ ਅੰਦਰ 'ਆਪ' ਦੀ ਸਰਕਾਰ ਬਣਾ ਦਿੱਤੀ ਪ੍ਰੰਤੂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਮਗਰੋਂ ਲੋਕਾਂ ਦੀਆਂ ਆਸਾਂ ਨੂੰ ਬਹੁਤਾ ਬੂਰ ਨਹੀਂ ਪਿਆ | ਪੰਜਾਬ ਦੇ ਹਾਲਾਤ ਇਸ ਤਰ੍ਹਾਂ ਵਿਗੜ ਚੁੱਕੇ ਹਨ ਕਿ ਲੋਕਾਂ ਨੂੰ ਸੰਨ 1984 ਵਾਲਾ ਸਮਾਂ ਯਾਦ ਆਉਣ ਲੱਗਾ ਹੈ | ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਦੀ ਤਰਜ਼ 'ਤੇ ਸਾਰੇ ਪੰਜਾਬ ਅੰਦਰ ਕਾਂਗਰਸ ਪਾਰਟੀ ਮਜ਼ਬੂਤੀ ਵੱਲ ਵੱਧ ਰਹੀ ਹੈ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |