ਤਰਨ ਤਾਰਨ, 9 ਜੂਨ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਝਬਾਲ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਡਾਇਲ 112 ਦੀ ਸ਼ਿਕਾਇਤ ਦੇ ਸੰਬੰਧ ਵਿਚ ਪਿੰਡ ਖੈਰਦੀਨਕੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦਿਲਬਾਗ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਫਤਾਹਪੁਰ, ਸਾਜਨ ਸਿੰਘ ੁਪੱਤਰ ਲਾਲੀ, ਸ਼ਿਵਾ ਪੁੱਤਰ ਲਾਲੀ, ਬਟਾਰਾ ਪੁੱਤਰ ਮਿਰਜਾ ਸਿੰਘ ਵਾਸੀ ਖੈਰਦੀਨਕੇ ਨੇ ਲਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਖੈਰਨਦੀਕੇ ਦੇ ਘਰ ਕੇ ਆ ਕੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ 'ਤੇ ਗੋਲੀਆਂ ਚਲਾਈਆਂ ਹਨ ਅਤੇ ਉਸਦੇ ਰਿਸ਼ਦੇਦਾਰ ਸੋਨੂੰ ਸਿੰਘ ਨੂੰ ਜ਼ਖਮੀ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |