ਖਾਲੜਾ, 9 ਜੂਨ (ਜੱਜਪਾਲ ਸਿੰਘ ਜੱਜ)ਪੰਜਾਬ ਵਿਚ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨਣਾ ਚਾਹੀਦਾ ਹੈ, ਤਾਂ ਜੋ ਵਿਰੋਧੀ ਪਾਰਟੀਆਂ ਨੂੰ ਵੱਡੇ ਫਰਕ ਨਾਲ ਹਰਾਇਆ ਜਾ ਸਕੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਜ਼ੋਨ ਇੰਚਾਰਜ ਨਿਸ਼ਾਨ ਸਿੰਘ ਧੁੰਨ ਤੇ ਸਾਬਕਾ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ਿੰਦਾ ਬੁੱਗ ਮਾੜੀ ਮੇਘਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਜਿਹੜੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਉਹ ਪੂਰੇ ਨਹੀਂ ਕਰ ਸਕੀ ਅਤੇ ਜਨਤਾ ਇਸ ਵੇਲੇ ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਲਈ ਉਤਾਵਲੀ ਹੈ | ਉਕਤ ਆਗੂਆਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸੁਖਪਾਲ ਸਿੰਘ ਭੁੱਲਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚੋਂ ਆਪਣਾ ਆਧਾਰ ਗਵਾ ਚੁੱਕਾ ਹੈ ਅਤੇ ਬਾਕੀ ਸਿਆਸੀ ਪਾਰਟੀਆਂ ਦੀ ਵੋਟ ਵੀ ਨਾ ਮਾਤਰ ਹੈ |