ਭਿੱਖੀਵਿੰਡ, 9 ਜੂਨ (ਬੌਬੀ)-ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤ ਬਚਾਓ ਅਭਿਆਨ ਤਹਿਤ ਪਿੰਡ ਦਰਾਜਕੇ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਵਲੋਂ ਕਿਸਾਨਾਂ ਨੂੰ ਖੇਤੀ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ | ਕਿ੍ਸ਼ੀ ਵਿਗਿਆਨ ਕੇਂਦਰ ਤੋਂ ਡਾ. ਨਵਜੋਤ ਸਿੰਘ ਵਲੋਂ ਫ਼ਸਲੀ ਵਿਭਿੰਨਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਥਾਂ ਮੱਕੀ ਦੀ ਕਾਸ਼ਤ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰ ਵਲੋਂ ਦਿੱਤੀ ਜਾ ਰਹੀ 7 ਹਜ਼ਾਰ ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਬਾਰੇ ਜਾਣੂ ਕਰਵਾਇਆ | ਇਸ ਤੋਂ ਇਲਾਵਾ ਉਨ੍ਹਾਂ ਝੋਨੇ ਦੀ ਫ਼ਸਲ ਵਿੱਚ ਆਉਣ ਵਾਲੇ ਮੁੱਖ ਕੀੜਿਆਂ ਅਤੇ ਬਿਮਾਰੀਆਂ ਦੀ ਪਛਾਣ ਅਤੇ ਉਨ੍ਹਾਂ ਦੇ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ | ਡਾ. ਸਾਹਿਲ ਵਲੋਂ ਮੱਛੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਦੇ ਫਾਇਦਿਆਂ ਅਤੇ ਇਸ ਨਾਲ ਸਬੰਧਿਤ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਖੇਤੀਬਾੜੀ ਵਿਸਥਾਰ ਅਫਸਰ ਡਾ. ਨਰਿੰਦਰਪਾਲ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਝੋਨੇ ਸਿੱਧੀ ਬਿਜਾਈ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਆਖ਼ਰੀ ਮਿਤੀ 15ਜੂਨ ਹੈ ਅਤੇ ਇਸ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ | ਖੇਤੀਬਾੜੀ ਵਿਕਾਸ ਅਫ਼ਸਰ ਰਮਨਜੀਤ ਸਿੰਘ ਵਲੋਂ ਖ਼ਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਜਾਂਚ ਦੀ ਮਹੱਤਤਾ ਅਤੇ ਹਰੀ ਖ਼ਾਦ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤ ਖ਼ਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਖੇਤੀ ਦੀ ਲਾਗਤ ਘਟਾਈ ਜਾ ਸਕੇ ਅਤੇ ਮਿੱਟੀ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ |