ਤਰਨ ਤਾਰਨ, 9 ਜੂਨ (ਪਰਮਜੀਤ ਜੋਸ਼ੀ)-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਨੇ ਜ਼ਿਲ੍ਹਾ ਤਰਨ ਤਾਰਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਮੌਕੇ ਸਮੂਹ ਦਫ਼ਤਰੀ ਅਮਲੇ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਸਮਾਗਮ ਦੌਰਾਨ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਵਿੰਦਰ ਸਿੰਘ ਲਹਿਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵ-ਨਿਯੁਕਤ ਅਫ਼ਸਰ ਨੂੰ ਗੁਲਦਸਤੇ ਭੇਟ ਕਰਕੇ ਜੀ ਆਇਆਂ ਆਖਿਆ | ਗੱਲਬਾਤ ਕਰਦਿਆਂ ਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਜ਼ਿਲ੍ਹਾ ਤਰਨ ਤਾਰਨ ਨੂੰ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਬਣਾਉਣਾ ਹੋਵੇਗੀ | ਉਨ੍ਹਾਂ ਕਿਹਾ ਕਿ ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਵਾਂਗੀ | ਮੇਰੀ ਕੋਸ਼ਿਸ਼ ਰਹੇਗੀ ਕਿ ਜ਼ਿਲ੍ਹੇ ਦੇ ਕਿਸੇ ਵੀ ਅਧਿਆਪਕ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲੇ | ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਵਾਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸਮੂਹ ਸਟਾਫ ਐਲੀਮੈਂਟਰੀ/ਸੈਕੰਡਰੀ ਨੇ ਨਵੇਂ ਅਫ਼ਸਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸੁਪਰਡੈਂਟ ਸਰਬਜੀਤ ਸਿੰਘ ਤਰਨ ਤਾਰਨ ਵੀ ਮੌਜੂਦ ਸਨ |