ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਪੰਜਾਬ ਦੇ ਵੱਖ-ਵੱਖ ਬਿਜਲੀ ਥਰਮਲ ਪਲਾਂਟਾਂ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 15 ਜੂਨ ਤੋਂ ਬਾਅਦ ਮੁਲਾਜ਼ਮਾਂ ਵਲੋਂ ਪੱਕੇ ਤੌਰ ‘ਤੇ ਕੰਮ ਬੰਦ ਕਰਨ ਦਾ ਐਲਾਨ ਕਰਨ ਉਪਰੰਤ ਥਰਮਲ ਪਲਾਂਟਾਂ ਦੇ ਕੰਮਕਾਜ ‘ਤੇ ਵੀ ਅਸਰ ਪੈਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਚ ਚੱਲ ਰਹੇ ਬਿਜਲੀ ਥਰਮਲ ਪਲਾਂਟ ਦੇ ਪਿਛਲੇ ਕਰੀਬ 9 ਦਿਨਾਂ ਤੋਂ ਚੱਲ ਰਹੇ ਠੇਕਾ ਮੁਲਾਜ਼ਮਾਂ ਦੇ ਧਰਨੇ ਨੂੰ ਸਮਰਥਨ ਦਿੰਦਿਆਂ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਯੂਥ ਕੋਆਰਡੀਨੇਟਰ ਤੇ ਆਗੂ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਸ਼ਤਿਹਾਰਬਾਜ਼ੀ ਤੋਂ ਇਲਾਵਾ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਪਾਵਰਕਾਮ ਤੇ ਟਰਾਂਸਕੋ ਵਿਭਾਗ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ ਕਰਨ ਬਾਰੇ ਚਰਚਾਵਾਂ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਨਿਰਾਸ਼ਾ ਹੈ। ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਗਰਮੀ ਦੇ ਮੌਸਮ ਕਾਰਨ ਬਿਜਲੀ ਦੀ ਨਿਰੰਤਰ ਸਪਲਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਹੀ ਹਨ ਜੋ ਦਿਨ-ਰਾਤ ਮਿਹਨਤ ਕਰਕੇ ਲੋਕਾਂ ਤੱਕ ਬਿਜਲੀ ਪਹੁੰਚਾਉਂਦੇ ਹਨ ਅਤੇ ਸੂਬੇ ਦੇ ਉਦਯੋਗਿਕ ਢਾਂਚੇ ਨੂੰ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲਦੇ ਤਾਂ ਇਹ ਪੰਜਾਬ ਸਰਕਾਰ ਦੀ ਨਾਕਾਮੀ ਮੰਨੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਆਪਣੇ ਅਧੀਨ ਲੈਣ ਦੇ ਬਾਵਜੂਦ ਜੇਕਰ ਠੇਕੇਦਾਰੀ ਪ੍ਰਣਾਲੀ ਹੀ ਜਾਰੀ ਰਹਿਣੀ ਹੈ ਅਤੇ ਇਸ ਦਾ ਲਾਭ ਸਿਰਫ਼ ਨਿੱਜੀ ਕੰਪਨੀਆਂ ਤੇ ਠੇਕੇਦਾਰਾਂ ਨੂੰ ਹੀ ਮਿਲਣਾ ਹੈ ਤਾਂ ਸਰਕਾਰੀ ਮਾਲਕੀ ਦਾ ਕੋਈ ਵਿਸ਼ੇਸ਼ ਫ਼ਾਇਦਾ ਨਹੀਂ ਰਹਿੰਦਾ। ਅਕਾਲੀ ਆਗੂ ਨੇ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ ਅਤੇ ਜਲਦ ਹੱਲ ਕੱਢਿਆ ਜਾਵੇ, ਤਾਂ ਜੋ ਭਵਿੱਖ ਵਿਚ ਪੰਜਾਬ ਨੂੰ ਕਿਸੇ ਸੰਭਾਵਿਤ ਬਿਜਲੀ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।