ਪੱਟੀ, 17 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹਿਰ ਪੱਟੀ ਦੇ ਇਤਿਹਾਸਕ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪਾਵਨ ਸ਼ਹੀਦੀ ਦਿਹਾੜਾ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ ਅਤੇ ਸਮੂਹ ਮੈਬਰਾਂ ਨੇ ਸਮੂਹ ਸਾਧ ਸੰਗਤ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਿਲ ਹੋਣ ਲਈ ਨਿਮਰਤਾ ਸਹਿਤ ਸੱਦਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹੀਦੀ ਦਿਹਾੜੇ ਨੂੰ ਸਮਰਪਿਤ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪੈਣ ਉਪਰੰਤ ਗੁਰੂ ਘਰ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾ ਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕੇ ਅਟੁੱਟ ਲੰਗਰ ਵਰਤਾਏ ਜਾਣਗੇ ਅਤੇ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।