ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)–ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਵਿਚ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜ਼ੀਦਗੀ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ। ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਸ਼ਰਮਾ, ਐੱਸ.ਡੀ.ਐੱਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਡੀ.ਐਮ ਪੱਟੀ ਅਮਨਦੀਪ ਸਿੰਘ, ਐੱਸ.ਪੀ (ਹੈਡਕੁਆਰਟਰ) ਸੁਖਨਿੰਦਰ ਸਿੰਘ, ਐਸ.ਪੀ (ਡੀ) ਡਾ. ਰਿਪੁਦਮਨ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਿਆਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋ, ਅਸੰਬਲੀ ਕੋਆਰਡੀਨੇਟਰ ਤਰਨ ਤਾਰਨ ਆਲਮ ਬੀਰ ਸਿੰਘ ਰੰਧਾਵਾ, ਅਸੰਬਲੀ ਕੋਆਰਡੀਨੇਟਰ ਖੇਮਕਰਨ ਜੋਗਿੰਦਰ ਸਿੰਘ ਸੰਧੂ, ਅਸੰਬਲੀ ਕੋਆਰਡੀਨੇਟਰ ਪੱਟੀ ਪਰਮਜੀਤ ਸਿੰਘ ਚੰਬਲ ਅਤੇ ਅਸੰਬਲੀ ਕੋਆਰਡੀਨੇਟਰ ਖਡੂਰ ਸਾਹਿਬ ਜਸਕਰਨ ਸਿੰਘ ਲਾਡੀ ਆੜ੍ਹਤੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।