ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਸੰਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ ਨੇ ਵਿਧਾਨ ਸਭਾ ਹਲਕਾ 21-ਤਰਨ ਤਾਰਨ ਦੇ ਬੂਥ ਲੈਵਲ ਅਫ਼ਸਰਾਂ ਨੂੰ ਬੀ.ਐੱਲ.ਓ. ਕਿੱਟਾਂ ਅਤੇ ਗਣਨਾ ਫਾਰਮ ਵੰਡੇ। ਇਸ ਮੌਕੇ ਏ.ਈ.ਆਰ.ਓ. ਅਰਚਨਾ ਸ਼ਰਮਾ ਅਤੇ ਰਤਨਜੀਤ ਖੁੱਲਰ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਡਾ. ਕਰਨਵੀਰ ਸਿੰਘ ਨੇ ਸਹੀ, ਪਾਰਦਰਸ਼ੀ ਅਤੇ ਅੱਪਡੇਟਿਡ ਵੋਟਰ ਸੂਚੀਆਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਾਰੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਐੱਸ.ਆਈ.ਆਰ. ਦੇ ਕੰਮ ਨੂੰ ਮਿਹਨਤ ਨਾਲ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹਰੇਕ ਯੋਗ ਵੋਟਰ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਬੀ.ਐੱਲ.ਓਜ਼ ਨੂੰ ਘਰ-ਘਰ ਜਾ ਕੇ ਤਸਦੀਕ ਕਰਨ ਅਤੇ ਗਣਨਾ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਵਿਚ ਨਾਗਰਿਕਾਂ ਦੀ ਸਹਾਇਤਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਦਾ ਉਦੇਸ਼ ਵੋਟਰ ਜਾਣਕਾਰੀ ਨੂੰ ਅਪਡੇਟ ਕਰਨਾ, ਯੋਗ ਨਵੇਂ ਵੋਟਰਾਂ ਨੂੰ ਸ਼ਾਮਿਲ ਕਰਨਾ ਅਤੇ ਅਯੋਗ ਐਂਟਰੀਆਂ ਨੂੰ ਹਟਾਉਣਾ ਹੈ, ਜਿਸ ਨਾਲ ਚੋਣ ਪ੍ਰਕਿਰਿਆ ਨੂੰ ਮਜ਼ਬੂਤੀ ਮਿਲੇਗੀ ਅਤੇ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਦੌਰਾਨ ਬੀ.ਐੱਲ.ਓਜ਼ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਅਪਣਾਏ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ, ਸਮਾਂ-ਸੀਮਾਵਾਂ ਅਤੇ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਾਰਿਆਂ ਨੂੰ ਐੱਸ.ਆਈ.ਆਰ. ਦੀ ਸਫਲਤਾਪੂਰਵਕ ਸੰਪੂਰਨਤਾ ਨੂੰ ਯਕੀਨੀ ਬਣਾਉਣ ਲਈ ਸਮਰਪਣ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ ਗਈ।