ਚੋਹਲਾ ਸਾਹਿਬ, 14 ਜੁਲਾਈ (ਬਲਵਿੰਦਰ ਸਿੰਘ ਚੋਹਲਾ)– ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਵਲੋਂ ਨਿੱਜੀ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਬੱਧ ਕਰਨ ਲਈ ਲਿਆਂਦੇ ਨਵੇਂ ਕਾਨੂੰਨ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੱਡੀ ਰਾਹਤ ਦੇਵੇਗਾ। ਲਾਲਪੁਰਾ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਕਰੀਬ 7,800 ਨਿੱਜੀ ਸਕੂਲਾਂ ਵਿਚ ਲਗਪਗ 32 ਲੱਖ ਵਿਦਿਆਰਥੀ ਸਿੱਖਿਆ ਹਾਸਿਲ ਕਰ ਰਹੇ ਹਨ। ਕਈ ਨਿੱਜੀ ਸਕੂਲ ਹਰ ਸਾਲ ਮਨਮਰਜ਼ੀ ਨਾਲ ਫੀਸਾਂ ਵਿੱਚ ਵਾਧਾ ਕਰਕੇ ਮਾਪਿਆਂ ’ਤੇ ਬੇਲੋੜਾ ਆਰਥਿਕ ਬੋਝ ਪਾ ਰਹੇ ਸਨ। ਹੁਣ ਪੰਜਾਬ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਅਨੁਸਾਰ ਨਿੱਜੀ ਸਕੂਲ ਸਾਲਾਨਾ ਸਿਰਫ਼ 5 ਫ਼ੀਸਦੀ ਤੱਕ ਹੀ ਫੀਸ ਵਿਚ ਵਾਧਾ ਕਰ ਸਕਣਗੇ ਅਤੇ ਇਸ ਤੋਂ ਵੱਧ ਮਨਮਰਜ਼ੀ ਨਾਲ ਫੀਸ ਨਹੀਂ ਵਸੂਲ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਨੂੰ ਵਪਾਰ ਬਣਨ ਤੋਂ ਰੋਕਣ ਅਤੇ ਮਾਪਿਆਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਇਤਿਹਾਸਕ ਫ਼ੈਸਲੇ ਲੈ ਰਹੀ ਹੈ । ਇਹ ਕਾਨੂੰਨ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮਕਸਦ ਲੋਕਾਂ ਨੂੰ ਰਾਹਤ ਦੇਣਾ ਅਤੇ ਹਰ ਵਰਗ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੇਗੀ।