08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਉਣ ਮਹੀਨਾ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਕਰਵਾਏ ਗੁਰਮਤਿ ਸਮਾਗਮ

ਅਜੀਤ ਡੈਸਕ 17-07-2026
ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਸੁਭਾਇਮਾਨ ਗੁਰਦੁਆਰਾ ਸਾਹਿਬ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਅਤੇ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਗੁਰਮਿਤ ਸਮਾਗਮ ਕੀਤਾ ਗਿਆ, ਜਿਸ ਵਿਚ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਭਾਈ ਬਹਾਲ ਸਿੰਘ ਅਤੇ ਬੱਚਿਆਂ ਨੇ ਗੁਰੂ ਦੀ ਇਲਾਹੀ ਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ। ਧਾਰਮਿਕ ਅਧਿਆਪਕ ਭਾਈ ਜਗਜੀਤ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਵਣ ਦੇ ਮਹੀਨੇ ਦੇ ਪਰਥਾਏ ਸ੍ਰੀ ਗੁਰੂ ਅਰਜਨ ਦੇਵ ਜੀ ਆਖਦੇ ਹਨ ਕਿ ਜਿਸ ਵਸਤੂ ਵਿਚ ਰਸ ਹੁੰਦਾ ਹੈ, ਉਹ ਵਸਤੂ ਸੁਆਦਲੀ ਅਤੇ ਮਿਠਾਸ ਭਰਪੂਰ ਹੁੰਦੀ ਹੈ, ਪਰ ਬੇ-ਰਸੀ ਵਸਤੂ ਨੂੰ ਕੋਈ ਵੀ ਖਾਣਾ ਪਸੰਦ ਨਹੀ ਕਰਦਾ। ਇਸ ਕਰਕੇ ਜਿਸ ਮਨੁੱਖ ਦਾ ਪ੍ਰਭੂ ਦੇ ਸ਼ਬਦ ਰੂਪੀ ਚਰਨਾਂ ਨਾਲ ਪਿਆਰ ਪੈ ਜਾਂਦਾ ਹੈ, ਉਸ ਦਾ ਜੀਵਨ ਸਦਗੁਣਾਂ ਨਾਲ ਭਰ ਜਾਂਦਾ ਹੈ, ਉਹ ਜ਼ਿੰਦਗੀ ਲੋਕ ਅਤੇ ਪ੍ਰਲੋਕ ਅੰਦਰ ਮੁੱਲਵਾਨ ਹੁੰਦੀ ਹੈ। ਉਨ੍ਹਾਂ ਨੇ ਭਾਈ ਤਾਰੂ ਸਿੰਘ ਜੀ ਦੇ ਮੁੱਢਲੇ ਜੀਵਨ ਤੋਂ ਵਿਸਥਾਰਪੂਰਵਕ ਜਾਣੂ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਜਸਬੀਰ ਸੈਣੀ ਨੇ ਕਿਹਾ ਕਿ ਗੁਰੂਆਂ ਦੀ ਬਾਣੀ ਸਾਨੂੰ ਜੀਵਨ ਸੇਧ ਦਿੰਦੀ ਹੈ। ਇਸ ਬਾਣੀ ਅੰਦਰ ਨੈਤਿਕ ਕਦਰਾਂ-ਕੀਮਤਾਂ ਦੀ ਭਰਮਾਰ ਹੈ। ਸੋ ਸਾਨੂੰ ਬੱਚਿਆਂ ਵਿਚ ਨੈਤਿਕ ਕਦਰਾਂ-ਕੀਮਤਾਂ ਭਰਨ ਲਈ ਉਨ੍ਹਾਂ ਨੂੰ ਬਾਣੀ ਨਾਲ ਜੋੜਨ ਦੀ ਲੋੜ ਹੈ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ ਅਤੇ ਸਰਬਜੀਤ ਸਿੰਘ ਨੇ ਵੀ ਸਮੂਹ ਸਟਾਫ਼, ਬੱਚਿਆਂ ਨੂੰ ਗੁਰਬਾਣੀ ਅਨੁਸਾਰ ਜੀਵਨ ਜਿਊਣ ਅਤੇ ਗੁਰੂ ਸਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਨੀਰੂ ਸ਼ਰਮਾ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਕੁਲਦੀਪ ਸਿੰਘ ਬੱਚੜੇ ਦੀ ਯਾਦ ’ਚ ਸ਼ਹੀਦੀ ਗੇਟ ਬਣਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਨਸ਼ਾ ਵੇਚਣ ਤੋਂ ਰੋਕਣ ’ਤੇ ਵਿਅਕਤੀ ’ਤੇ ਜਾਨਲੇਵਾ ਹਮਲਾ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।