ਪੱਟੀ, 29 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਨਗਰ ਕੌਂਸਲ ਪੱਟੀ ਦੇ ਸਫਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਰਿਵੋਲਿਊਸ਼ਨਰੀ ਮਾਰਕਸਵਾਦੀ ਪਾਰਟੀ ਆਫ ਇੰਡੀਆ (ਆਰ.ਐੱਮ.ਪੀ.ਆਈ.) ਪਾਰਟੀ ਦੇ ਫੈਸਲੇ ਅਨੁਸਾਰ ਕਾ. ਹਰਭਜਨ ਸਿੰਘ ਧਰਨੇ ਵਿਚ ਪੁੱਜੇ ਅਤੇ ਸਫਾਈ ਸੇਵਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ 30 ਦੇ ਪੰਜਾਬ ਬੰਦ ਦੀ ਹਮਾਇਤ ਕੀਤੀ । ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਬਲਵੰਤ ਰਾਏ ਨੇ ਕਿਹਾ ਕਿ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀ ਤਰ੍ਹਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਧਰਨਾ ਵੀ ਲਗਾਤਾਰ ਚੱਲੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕਾਮਰੇਡ ਹਰਭਜਨ ਸਿੰਘ ਨੇ ਕਿਹਾ ਕਿ ਸਫਾਈ ਸੇਵਕ ਸਮਾਜ ਦੀ ਸੇਵਾ ਕਰਦੇ ਹੋਏ ਹਰ ਰੋਜ਼ ਲੋਕਾਂ ਦੇ ਘਰਾਂ ਅਤੇ ਸ਼ਹਿਰ ਦੀ ਗੰਦਗੀ ਨੂੰ ਸਾਫ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨਾ ਹਰ ਸ਼ਹਿਰੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਸੇਵਕਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦਾ ਸਹਿਯੋਗ ਕਰਨ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਤਸੱਦਦ ਕਰਨ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪ੍ਰਵਾਨ ਕੀਤਾ ਜਾਵੇ।