05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੁਲਿਸ ਲਾਈਨ ਗਰਾਊਂਡ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ- ਡਾ. ਆਦਿੱਤਿਆ ਸ਼ਰਮਾ

ਅਜੀਤ ਡੈਸਕ 30-07-2026
ਤਰਨ ਤਾਰਨ, 29 ਜੁਲਾਈ (ਪਰਮਜੀਤ ਜੋਸ਼ੀ)-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਵਲੋਂ 15 ਅਗਸਤ ਨੂੰ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਰੋਹ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਲਬਰੇਜ਼ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ.ਸੀ.ਸੀ. ਕੈਂਡਿਟਸ ਅਤੇ ਸਕਾਊਟਸ ਤੇ ਗਰਲ ਗਾਈਡਜ਼ ਵਲੋਂ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਕੂਲੀ ਬੱਚਿਆਂ ਦਾ ਪੀ.ਟੀ. ਸ਼ੋਅ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਰਿਹਰਸਲਾਂ 10, 11 ਅਤੇ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਣਗੀਆਂ ਅਤੇ ਸਮਾਗਮ ਸੰਬੰਧੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕਰਵਾਈ ਜਾਵੇਗੀ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਗਰਾਊਂਡ ਦੀ ਸਾਫ਼-ਸਫ਼ਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜ਼ੀ ਪਖਾਨਿਆਂ ਆਦਿ ਸਮੇਤ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ ਇਸ ਮੌਕੇ ਐਸ.ਡੀ.ਐਮ. ਤਰਨ ਤਾਰਨ ਡਾ. ਕਰਨਵੀਰ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ, ਡੀ.ਐੱਫ.ਐੱਸ.ਸੀ. ਹਰਵੀਨ ਕੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਅੱਡਾ ਝਬਾਲ ਵਿਖੇ ਅੰਮ੍ਰਿਤਸਰ-ਖੇਮਕਰਨ ਮੁੱਖ ਮਾਰਗ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬਣਿਆ ਛੱਪੜ ਅਗਲੀ ਖ਼ਬਰ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ’ਚ ਸੀ.ਬੀ.ਈ. ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।