5 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ਕਾਲਾ ਦਿਵਸ ਮਨਾਉਣਗੇ ਏਡਿਡ ਅਧਿਆਪਕ
ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵਲੋਂ ਕੀਤੇ ਐਲਾਨ ਮੁਤਾਬਿਕ 5 ਸਤੰਬਰ ਅਧਿਆਪਕ ਦਿਵਸ ਦੇ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਆਨੰਦਪੁਰ ਸਾਹਿਬ–ਨੰਗਲ ਰੋਡ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਏਡਿਡ ਸਕੂਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਭਾਗ ਅਤੇ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ।
ਤਰਨ ਤਾਰਨ, 2 ਸਤੰਬਰ (ਪਰਮਜੀਤ ਜੋਸ਼ੀ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵਲੋਂ ਕੀਤੇ ਐਲਾਨ ਮੁਤਾਬਿਕ 5 ਸਤੰਬਰ ਅਧਿਆਪਕ ਦਿਵਸ ਦੇ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਆਨੰਦਪੁਰ ਸਾਹਿਬ–ਨੰਗਲ ਰੋਡ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਏਡਿਡ ਸਕੂਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਭਾਗ ਅਤੇ ਸਰਕਾਰ ਵਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਪੀ.ਪੀ.ਓ. ਜਾਰੀ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆ ਏਰੀਅਰ ਜਾਰੀ ਕਰਨ ਅਤੇ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਯੂਨੀਅਨ ਵਲੋਂ ਲਗਾਤਾਰ ਸਰਕਾਰ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਰਿਹਾ ਹੈ। ਇਸ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਕਿਹਾ ਕਿ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਗੰਭੀਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ਦੇ ਰੋਜ਼ਾਨਾ ਖਰਚੇ, ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣੀਆਂ ਬਹੁਤ ਮੁਸ਼ਕਿਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਹੀ ਹੱਕਾਂ ਲਈ ਸੜਕਾਂ ’ਤੇ ਉਤਰਨਾ ਪੈਣਾ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੇ ਸੱਦੇ ਅਨੁਸਾਰ 5 ਸਤੰਬਰ ਦੇ ਰੋਸ ਧਰਨੇ ਵਿਚ ਸੂਬੇ ਭਰ ਤੋਂ ਅਧਿਆਪਕ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹਾ ਆਪਣੇ ਪੱਧਰ ’ਤੇ ਰੋਸ ਪ੍ਰਦਰਸ਼ਨ ਦੀ ਪੂਰੀ ਤਿਆਰੀ ਕਰਕੇ ਧਰਨੇ ਵਿਚ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਸਾਥੀ ਕਾਲੇ ਕੱਪੜੇ ਪਾ ਕੇ ਅਤੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ। ਇਸ ਤੋਂ ਇਲਾਵਾ ‘ਤਨਖ਼ਾਹਾਂ ਤੁਰੰਤ ਜਾਰੀ ਕਰੋ’, ‘ਪੀ.ਪੀ.ਓ. ਜਾਰੀ ਕਰੋ’, ‘ਏਰੀਅਰ ਤੁਰੰਤ ਜਾਰੀ ਕਰੋ’ ਅਤੇ ਹੋਰ ਮੰਗਾਂ ਸੰਬੰਧੀ ਬੈਨਰ ਅਤੇ ਤਖ਼ਤੀਆਂ ਲੈ ਕੇ ਸਾਥੀ ਧਰਨੇ ਵਿਚ ਸ਼ਾਮਿਲ ਹੋਣਗੇ। ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਯੂਨੀਅਨ ਦੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ , ਹੱਕਾਂ ਅਤੇ ਭਵਿੱਖ ਦੀ ਰੱਖਿਆ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਗੰਭੀਰਪੁਰ ਵਿਖੇ ਵੱਡੀ ਗਿਣਤੀ ਵਿਚ ਅਤੇ ਸਮੇਂ ਸਿਰ ਪਹੁੰਚਣ।