04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚੋਹਲਾ ਸਾਹਿਬ ਦਾਣਾ ਮੰਡੀ ’ਚ ਖਰੀਦ ਅਤੇ ਲਿਫਟਿੰਗ ਠੱਪ, ਕਿਸਾਨਾਂ ਤੇ ਆੜ੍ਹਤੀਆਂ ਦੀ ਵਧੀ ਮੁਸ਼ਕਿਲ

ਚੋਹਲਾ ਸਾਹਿਬ, 3 ਨਵੰਬਰ (ਬਲਵਿੰਦਰ ਸਿੰਘ)-ਇਤਿਹਾਸਕ ਕਸਬਾ ਚੋਹਲਾ ਸਾਹਿਬ ਦੀ ਦਾਣਾ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਠੱਪ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਫ਼ਸਲਾਂ ਦੇ ਅੰਬਾਰ ਲੱਗੇ ਹੋਏ ਹਨ, ਪਰ ਖਰੀਦ ਅਤੇ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ।

ਅਜੀਤ ਡੈਸਕ 04-11-2026
ਚੋਹਲਾ ਸਾਹਿਬ, 3 ਨਵੰਬਰ (ਬਲਵਿੰਦਰ ਸਿੰਘ)-ਇਤਿਹਾਸਕ ਕਸਬਾ ਚੋਹਲਾ ਸਾਹਿਬ ਦੀ ਦਾਣਾ ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਠੱਪ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਫ਼ਸਲਾਂ ਦੇ ਅੰਬਾਰ ਲੱਗੇ ਹੋਏ ਹਨ, ਪਰ ਖਰੀਦ ਅਤੇ ਚੁਕਾਈ ਨਾ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ। ਦੂਜੇ ਪਾਸੇ ਮੌਸਮ ਦੇ ਲਗਾਤਾਰ ਬਦਲ ਰਹੇ ਮਿਜ਼ਾਜ਼ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਚੋਹਲਾ ਸਾਹਿਬ ਦੀ ਦਾਣਾ ਮੰਡੀ ਵਿਚ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਕਿਸਾਨ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚਦੇ ਹਨ। ਇਸ ਵਾਰ ਝੋਨੇ ਦੀ ਬੰਪਰ ਫ਼ਸਲ ਅਤੇ ਵੱਧ ਝਾੜ ਕਾਰਨ ਮੰਡੀਆਂ ਵਿਚ ਫ਼ਸਲ ਦੀ ਆਮਦ ਲਗਾਤਾਰ ਜਾਰੀ ਹੈ, ਪਰ ਇਸ ਦੇ ਉਲਟ ਖਰੀਦ ਏਜੰਸੀਆਂ ਵਲੋਂ ਖਰੀਦ ਦਾ ਕੰਮ ਬੰਦ ਕੀਤੇ ਜਾਣ ਅਤੇ ਲਿਫਟਿੰਗ ਵਿਚ ਆਈ ਖੜੋਤ ਕਾਰਨ ਮੰਡੀ ਵਿਚ ਫ਼ਸਲਾਂ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ । ਆੜ੍ਹਤੀਆਂ ਅਨੁਸਾਰ ਪਿਛਲੀ 27 ਤਰੀਕ ਤੋਂ ਮੰਡੀ ਵਿਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਬੰਦ ਪਿਆ ਹੈ, ਜਦਕਿ ਪਿਛਲੇ ਪੰਜ ਦਿਨਾਂ ਤੋਂ ਲਿਫਟਿੰਗ ਵੀ ਨਹੀਂ ਹੋਈ। ਇਸ ਕਾਰਨ ਮੰਡੀ ਵਿਚ ਪਹਿਲਾਂ ਤੋਂ ਪਈ ਫ਼ਸਲ ਦੀ ਚੁਕਾਈ ਨਹੀਂ ਹੋ ਰਹੀ ਅਤੇ ਨਵੀਂ ਆਮਦ ਲਈ ਵੀ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ।ਆੜ੍ਹਤੀਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਵਲੋਂ ਮੰਡੀਆਂ ਵਿੱਚੋਂ ਦਾਣਾ-ਦਾਣਾ ਖਰੀਦਣ ਅਤੇ ਕਿਸਾਨਾਂ ਨੂੰ ਬਿਨਾਂ ਖੱਜਲ-ਖੁਆਰ ਕੀਤੇ ਫ਼ਸਲ ਦੀ ਖਰੀਦ ਤੇ ਚੁਕਾਈ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਚੋਹਲਾ ਸਾਹਿਬ ਦੀ ਦਾਣਾ ਮੰਡੀ ਵਿਚ ਖਰੀਦ ਅਤੇ ਲਿਫਟਿੰਗ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਖਰੀਦ ਕੀਤੀ ਗਈ ਫ਼ਸਲ ਨੂੰ ਸਮੇਂ ਸਿਰ ਮੰਡੀਆਂ ਵਿਚੋਂ ਨਹੀਂ ਚੁੱਕਿਆ ਜਾਂਦਾ ਅਤੇ ਮੌਸਮ ਦੀ ਖ਼ਰਾਬੀ ਕਾਰਨ ਫ਼ਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਬੰਧਤ ਖਰੀਦ ਏਜੰਸੀਆਂ ਦੀ ਹੋਵੇਗੀ, ਨਾ ਕਿ ਆੜ੍ਹਤੀਆਂ ਦੀ। ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਆੜ੍ਹਤੀਆਂ ਨੂੰ ਬਾਰਦਾਨੇ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਖਰੀਦ ਪ੍ਰਕਿਰਿਆ ਹੋਰ ਪ੍ਰਭਾਵਿਤ ਹੋ ਰਹੀ ਹੈ। ਲਿਫਟਿੰਗ ਨਾ ਹੋਣ ਕਾਰਨ ਮੰਡੀ ਵਿਚ ਫ਼ਸਲ ਦੇ ਢੇਰ ਵਧਦੇ ਜਾ ਰਹੇ ਹਨ ਅਤੇ ਮੌਸਮ ਵਿਚ ਆ ਰਹੇ ਬਦਲਾਅ ਕਾਰਨ ਫ਼ਸਲ ਦੇ ਭਿੱਜਣ ਜਾਂ ਖ਼ਰਾਬ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਸਮੱਸਿਆ ਦਾ ਇਕ ਹੋਰ ਅਹਿਮ ਪੱਖ ਇਹ ਵੀ ਹੈ ਕਿ ਅਜੇ ਵੀ ਕਈ ਕਿਸਾਨਾਂ ਦਾ ਝੋਨਾ ਖੇਤਾਂ ਵਿਚ ਖੜ੍ਹਾ ਹੈ, ਕਿਉਂਕਿ ਫ਼ਸਲ ਪੂਰੀ ਤਰ੍ਹਾਂ ਪੱਕਣ ਕਾਰਨ ਉਸ ਦੀ ਕਟਾਈ ਅਤੇ ਮੰਡੀ ਵਿਚ ਲਿਆਉਣ ਦਾ ਕੰਮ ਬਾਕੀ ਹੈ। ਅਜਿਹੇ ਵਿਚ ਜਦੋਂ ਮੰਡੀਆਂ ਵਿਚ ਪਹਿਲਾਂ ਹੀ ਖਰੀਦ ਅਤੇ ਲਿਫਟਿੰਗ ਦਾ ਕੰਮ ਠੱਪ ਪਿਆ ਹੈ ਤਾਂ ਆਉਣ ਵਾਲੇ ਦਿਨਾਂ ਵਿਚ ਫ਼ਸਲ ਦੀ ਆਮਦ ਹੋਰ ਵਧਣ ਨਾਲ ਸਮੱਸਿਆ ਗੰਭੀਰ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਅਤੇ ਆੜ੍ਹਤੀਆਂ ਵਿਚ ਸਰਕਾਰ ਅਤੇ ਖਰੀਦ ਏਜੰਸੀਆਂ ਦੀ ਕਾਰਗੁਜ਼ਾਰੀ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿਚ ਤੁਰੰਤ ਖਰੀਦ ਸ਼ੁਰੂ ਕਰਵਾਈ ਜਾਵੇ, ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਬਾਰਦਾਨੇ ਦੀ ਘਾਟ ਨੂੰ ਦੂਰ ਕਰਕੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਸੰਭਾਲ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋਰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਭਰੋਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਡੀ.ਐੱਫ.ਐੱਸ.ਸੀ. ਨੂੰ ਅਪੀਲ, ਖਰੀਦੀ ਫ਼ਸਲ ਦੀ ਲਿਫਟਿੰਗ ਕਰਵਾਈ ਜਾਵੇ, ਬਾਰਦਾਨੇ ਦੀ ਘਾਟ ਦੂਰ ਹੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।