ਲੁਧਿਆਣਾ, 13 ਫਰਵਰੀ (ਡਾ. ਤਰਲੋਚਨ ਸਿੰਘ)-ਸੂਬੇ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਦੇਖਦਿਆਂ ਜਿਥੇ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਤੋਂ ਇਲਾਵਾ ਵੱਡੇ ਪੱਧਰ 'ਤੇ ਨਸ਼ਾ ਤਸਕਰਾਂ ਦੇ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਪਾਰਟੀ ਵਿਧਾਇਕਾਂ ਅਤੇ ਆਗੂਆਂ ਵਲੋਂ ਵੀ ਸਮੇਂ ਸਮੇਂ ਸਿਰ ਨਸਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ | ਇਸੇ ਕੜੀ ਨੂੰ ਅੱਗੇ ਤੋਰਦਿਆਂ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਜਿਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਸੋਸ਼ਲ ਮੀਡੀਏ ਤੇ ਵੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਣ ਲਈ ਸੇਧ ਦਿੱਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਇਹ ਸਭ ਕੁੱਝ ਹਜ਼ਮ ਨਹੀਂ ਹੋ ਰਿਹਾ, ਜਿਸ ਕਰਕੇ ਉਨ੍ਹਾਂ ਵਲੋਂ ਮੈਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ | ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਉਹ ਨਸ਼ਾ ਤਸਕਰਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ, ਉਹ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣਗੇ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਵਲੋਂ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਦਾ ਹਿੱਸਾ ਬਣਕੇ ਸੂਬੇ ਅੰਦਰੋਂ ਨਸ਼ਾ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ | ਉਨ੍ਹਾਂ ਦੱਸਿਆ ਕਿ ਇਹ ਸਭ ਕੁੱਝ ਦੇਖਦੇ ਹੋਏ ਖੁਫੀਆ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਸੀ | ਇਸ ਕਰਕੇ ਉਨ੍ਹਾਂ ਨੇ ਨਿੱਜੀ ਤੌਰ 'ਤੇ ਆਪਣੀ ਸੁਰੱਖਿਆ ਵਿਚ ਬੁਲਟ ਪਰੂਫ਼ ਗੱਡੀ ਸ਼ਾਮਲ ਕੀਤੀ ਹੈ, ਜੋ ਕਿ ਉਨ੍ਹਾਂ ਦੇ ਦੋਸਤ ਵਲੋਂ ਉਪਲਬੱਧ ਕਰਵਾਈ ਗਈ ਹੈ ਅਤੇ ਸਰਕਾਰ ਵਲੋਂ ਉੁਨ੍ਹਾਂ ਦੀ ਸੁਰੱਖਿਆ ਵਿਚ ਕੁੱਝ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ |