ਲੁਧਿਆਣਾ, 13 ਫਰਵਰੀ (ਪਰਮਿੰਦਰ ਸਿੰੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ 'ਤੇ ਮੋਟਰਸਾਈਕਲ ਚੜ੍ਹਾਉਣ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭਾਮੀਆਂ ਰੋਡ 'ਤੇ ਰਹਿਣ ਵਾਲੇ ਪੁਲਿਸ ਮੁਲਾਜ਼ਮ ਅੰਬਾ ਦੱਤ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਹਰਸ਼ੀਤ ਪੁੱਤਰ ਅਮਨ ਕੁਮਾਰ ਅਤੇ ਰੋਹਾਨ ਅਹਿਮਦ ਵਾਸੀ ਜਨਤਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਹਨਾਂ ਨੂੰ ਕਾਬੂ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਹ ਮਾਡਲ ਟਾਊਨ ਵਿਚ ਆਪਣੀ ਡਿਊਟੀ ਕਰ ਰਿਹਾ ਸੀ ਕਿ ਉਕਤ ਨੌਜਵਾਨ ਉੱਥੇ ਮੋਟਰਸਾਈਕਲ 'ਤੇ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹਨਾਂ ਨੌਜਵਾਨਾਂ ਨੇ ਉਸ ਉੱਪਰ ਮੋਟਰਸਾਈਕਲ ਚੜ੍ਹਾ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਅਤੇ ਜਾਂਚ ਦੌਰਾਨ ਦੋਵਾਂ ਨੂੰ ਕਾਬੂ ਕਰ ਲਿਆ ਗਿਆ | ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਕੀਤਾ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |