ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਧੋਲਾ ਵਿਚ ਇਕ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਜਾਂਚ ਅਧਿਕਾਰੀ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮਿ੍ਤਕਾ ਦੀ ਪਛਾਣ 19 ਸਾਲਾ ਸੁਮਨ ਕੁਮਾਰੀ ਵਜੋਂ ਹੋਈ ਹੈ, ਜਿਸ ਦਾ ਵਿਆਹ ਸਿਰਫ਼ 10 ਮਹੀਨੇ ਪਹਿਲਾਂ ਹੋਇਆ ਸੀ | ਪੁਲਿਸ ਨੇ ਕਿਹਾ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ | ਮਿ੍ਤਕਾ ਆਪਣੇ ਪਤੀ ਨਾਲ ਕਿਰਾਏ 'ਤੇ ਰਹਿੰਦੀ ਸੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਸ ਸਬੰਧੀ ਮਿ੍ਤਕ ਲੜਕੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |