ਲੁਧਿਆਣਾ, 14 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸਥਾਨਕ ਸਰਕਾਰਾਂ ਵਿਭਾਗ ਮੰਤਰੀ ਸੰਜੀਵ ਅਰੋੜਾ ਦੀ ਰਹਿਨੁਮਾਈ ਹੇਠ ਨਗਰ ਨਿਗਮ ਵਲੋਂ ਸ਼ਹਿਰ ਭਰ ਵਿਚ ਵਿਸ਼ਾਲ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਸ਼ਹਿਰ ਨੰੂ ਸਾਫ਼ ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਨਿਗਮ ਪ੍ਰਸ਼ਾਸਨ ਨੇ ਪੂਰਾ ਜ਼ੋਰ ਲਗਾ ਦਿੱਤਾ ਹੈ | ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਇਸ ਸੰਬੰਧੀ ਸੀਨੀਅਰ ਅਧਿਕਾਰੀਆਂ ਅਤੇ ਸਿਹਤ ਸ਼ਾਖਾ ਦੇ ਕਰਮਚਾਰੀਆਂ ਨੰੂ ਸਖ਼ਤ ਹੁਕਮ ਜਾਰੀ ਕੀਤੇ ਹਨ | ਸੰਯੁਕਤ ਕਮਿਸ਼ਨਰ ਅਤੇ ਜ਼ੋਨਲ ਕਮਿਸ਼ਨਰਾਂ ਸਮੇਤ ਉਚ ਅਧਿਕਾਰੀਆਂ ਨੰੂ ਮੈਦਾਨ ਵਿਚ ਜਾ ਕੇ ਖੁਦ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਸਿਹਤ ਸ਼ਾਖਾ ਦੇ ਅਧਿਕਾਰੀਆਂ ਨੰੂ ਇਹ ਵੀ ਕਿਹਾ ਗਿਆ ਹੈ ਕਿ ਮੈਦਾਨੀ ਪੱਧਰ 'ਤੇ ਕੰਮ ਕਰ ਰਹੇ ਸਟਾਫ਼ ਦੀਆਂ ਤਸਵੀਰਾਂ ਅਤੇ ਵੀਡੀਓ ਨਿਯਮਿਤ ਤੌਰ 'ਤੇ ਸਾਂਝੀਆਂ ਕੀਤੀਆਂ ਜਾਣ, ਤਾਂ ਜੋ ਕਾਰਗੁਜ਼ਾਰੀ ਦੀ ਨਿਗਰਾਨੀ ਕੀਤੀ ਜਾ ਸਕੇ | ਕਮਿਸ਼ਨਰ ਡਾ. ਗੁਪਤਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਰੋਜ਼ਾਨਾ ਸ਼ਹਿਰ ਵਿਚ ਕੰਮ ਕਰਦੇ ਹਨ, ਪਰ ਇਸ ਖਾਸ ਮੁਹਿੰਮ ਦਾ ਮਕਸਦ ਸੈਨੀਟੇਸ਼ਨ ਪ੍ਰਣਾਲੀ ਨੰੂ ਹੋਰ ਮਜ਼ਬੂਤ ਕਰਨਾ ਹੈ | ਮੁੱਖ ਸੜਕਾਂ ਦੇ ਨਾਲ ਨਾਲ ਅੰਦਰੂਨੀ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਵੀ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਿਵਾਸੀਆਂ ਵਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ | ਮੰਤਰੀ ਸੰਜੀਵ ਅਰੋੜਾ ਵਲੋਂ ਸਥਿਤੀ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਫ਼ਾਈ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕਮਿਸ਼ਨਰ ਖੁਦ ਵੀ ਆਉਣ ਵਾਲੇ ਦਿਨਾਂ ਵਿਚ ਮੈਦਾਨੀ ਦੌਰੇ ਕਰਕੇ ਹਾਲਾਤਾਂ ਦਾ ਜਾਇਜ਼ਾ ਲੈਣਗੇ | ਇਸ ਦੌਰਾਨ ਮੇਅਰ ਪਿੰ੍ਰਸੀਪਲ ਇੰਦਰਜੀਤ ਕੌਰ ਅਤੇ ਕਮਿਸ਼ਨਰ ਡਾ. ਗੁਪਤਾ ਨੇ ਸ਼ਹਿਰ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਨਿਗਮ ਦਾ ਸਾਥ ਦੇਣ ਅਤੇ ਖੁੱਲ੍ਹੇ ਸਥਾਨਾਂ ਜਾਂ ਖਾਲੀ ਪਲਾਟਾਂ ਵਿਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ |