ਲੁਧਿਆਣਾ, 14 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਕਰਜ਼ੇ ਦੀਆਂ ਕਿਸ਼ਤਾਂ ਨਾ ਦੇਣ 'ਤੇ ਫਾਈਨਾਂਸ ਦੇ ਕੰਪਨੀ ਦੇ ਕਰਿੰਦਿਆਂ ਵਲੋਂ ਇਕ ਨੌਜਵਾਨ ਦੀ ਬੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਰੀ ਰਹੀਸ਼ ਪੁੱਤਰ ਸ਼ਰੀਫ਼ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਪਨ ਵਾਸੀ ਜਗੀਰਪੁਰ ਰੋਡ, ਨਵੀਨ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਕੁੱਝ ਸਮਾਂ ਪਹਿਲਾਂ ਆਈ.ਡੀ.ਐਫ.ਸੀ. ਬੈਂਕ ਤੋਂ ਇਕ ਮੋਟਰਸਾਈਕਲ ਕਰਜ਼ੇ 'ਤੇ ਲਿਆ ਸੀ, ਪਰ ਉਸ ਦੀਆਂ ਦੋ ਕਿਸ਼ਤਾਂ ਸਮੇਂ ਸਿਰ ਨਾ ਭਰਨ ਕਰਕੇ ਕਥਿਤ ਦੋਸ਼ੀਆਂ ਨੇ ਬੀਤੇ ਦਿਨ ਉਸ ਨੂੰ ਭਾਈਵਾਲਾ ਚੌਕ ਸਥਿਤ ਸੂਰਿਆ ਕੰਪਲੈਕਸ ਦੀ ਦੂਜੀ ਮੰਜ਼ਿਲ 'ਤੇ ਬੁਲਾਇਆ ਅਤੇ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਕਥਿਤ ਦੋਸ਼ੀਆਂ ਵਲੋਂ ਉਸ ਨੂੰ ਬੰਦੀ ਬਣਾ ਲਿਆ ਗਿਆ ਅਤੇ ਕੁੱਟਮਾਰ ਕਰਨ ਉਪਰੰਤ ਉਸ ਨੂੰ ਛੱਡ ਦਿੱਤਾ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |