ਲੁਧਿਆਣਾ, 28 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਟਰਾਂਸਪੋਰਟ ਕੰਪਨੀ ਦਾ ਲੱਖਾਂ ਰੁਪਏ ਦਾ ਸਾਮਾਨ ਟਰੱਕ ਸਮੇਤ ਲੈ ਕੇ ਫ਼ਰਾਰ ਹੋਏ ਕੰਡਕਟਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਿਊ ਮੋਗਾ ਲੋਜਿਸਟਿਕ ਟਰਾਂਸਪੋਰਟ ਦੇ ਪ੍ਰਬੰਧਕ ਹਰਮਨਦੀਪ ਸਿੰਘ ਸਿੱਧੂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਅੰਮਿ੍ਤਸਰ ਸਾਹਿਬ ਦੇ ਰਹਿਣ ਵਾਲੇ ਜੱਗੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਨ੍ਹਾਂ ਲਈ ਕੰਪਨੀ ਦਾ ਮੁਲਾਜ਼ਮ ਹੈ ਅਤੇ ਬੀਤੇ ਦਿਨ ਕਥਿਤ ਦੋਸ਼ੀ ਲੱਖਾਂ ਰੁਪਏ ਮੂਲ ਦਾ ਸਾਮਾਨ ਟਰੱਕ ਸਮੇਤ ਲੈ ਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢