*ਲੁਧਿਆਣਾ, 1 ਮਾਰਚ (ਡਾ. ਤਰਲੋਚਨ ਸਿੰਘ)-ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਸਿਹਤ ਵਿਭਾਗ, ਪੰਜਾਬ ਦੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੁੱਧ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼, ਪਟਿਆਲਾ ਵਿਖੇ ਮਹਿਲਾ ਦਿਵਸ 'ਤੇ 8 ਮਾਰਚ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਸਰਕਾਰ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਹੈ¢ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਵਿਭਾਗ ਵਿਚ ਲਗਭਗ 90 ਪ੍ਰਤੀਸ਼ਤ ਮਹਿਲਾਵਾਂ ਕੰਮ ਕਰਦੀਆਂ ਹਨ ਅਤੇ ਪੰਜਾਬ ਸਰਕਾਰ ਮਹਿਲਾਵਾਂ ਦੇ ਪ੍ਰਤੀ ਕਿੰਨੀ ਕਿ ਸੁਹਿਰਦ ਹੈ ਬਾਰੇ ਨਾਰੀ ਸ਼ਕਤੀ ਸਰਕਾਰ ਦਾ ਭਾਂਡਾ ਭੰਨਦਿਆਂ ਦੱਸੇਗੀ¢ ਜਿਸ ਤਹਿਤ ਪ੍ਰਦਰਸ਼ਨ ਗੁਰਦੁਆਰਾ ਸਾਹਿਬ ਤਿ੍ਪੜੀ ਤੋਂ ਹੁੰਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਚੌਕ 'ਚ ਚੱਕਾ ਜਾਮ ਕਰਕੇ ਸਿਹਤ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ¢ ਉਨ੍ਹਾਂ ਦੱਸਿਆ ਕਿ 15 ਫਰਵਰੀ ਨੂੰ ਵੀ ਕਰਮਚਾਰੀਆਂ ਵਲੋਂ ਸਿਹਤ ਮੰਤਰੀ ਦੀ ਨਿੱਜੀ ਰਿਹਾਇਸ਼, ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਇਸ ਉਪਰੰਤ 18 ਫਰਵਰੀ ਨੂੰ ਪੈਨਲ ਮੀਟਿੰਗ ਮਿਲਣ ਉਪਰੰਤ ਅਤੇ ਮੰਗਾਂ ਨੂੰ ਮੰਨਣ ਦੇ ਵਿਸ਼ਵਾਸ ਨਾਲ ਐਸੋਸੀਏਸ਼ਨ ਨੇ ਧਰਨਾ ਚੁੱਕਿਆ ਸੀ ਅਤੇ ਪ੍ਰਸ਼ਾਸਨ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਾਰਚ ਦੇ ਪਹਿਲੇ ਹਫ਼ਤੇ ਧਰਨਾ, ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਦੱਸਿਆ ਕਿ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਇਕ ਮਹੀਨੇ ਦੇ ਅੰਦਰ ਸਮੂਹ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਦਿੱਲੀ ਸਰਕਾਰ ਦੀ ਤਰਜ਼ 'ਤੇ ਤਨਖ਼ਾਹਾਂ ਵਿਚ 20 ਪ੍ਰਤੀਸ਼ਤ ਤੱਕ ਵਾਧਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ¢ ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿਚ ਹੋਣ ਦੇ ਬਾਵਜੂਦ ਕਰਮਚਾਰੀਆਂ ਨੂੰ ਸਿਰਫ਼ ਭਰੋਸਿਆਂ ਤੱਕ ਹੀ ਸੀਮਤ ਰੱਖ ਰਹੀ ਹੈ¢