ਇਆਲੀ/ਥਰੀਕੇ, 29 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ 30 ਅਪ੍ਰੈਲ ਦਿਨ ਵੀਰਵਾਰ ਨੂੰ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਅੰਦਰ ਰੋਸ ਧਰਨੇ ਦਿੱਤੇ ਜਾਣਗੇ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬੀ.ਸੀ. ਵਿੰਗ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਕਰਦਿਆਂ ਕਿਹਾ ਕਿ ਪੰਜਾਬ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ | ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਕਾਰਨ ਲੋਕ ਗਰਮੀ ਨਾਲ ਹਾਲੋਂ ਬੇਹਾਲ ਹੋ ਰਹੇ ਹਨ | ਪੰਜਾਬ ਸਰਕਾਰ ਨੇ ਬਿਜਲੀ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਨਵੇਂ ਯੂਨਿਟ ਸਥਾਪਤ ਕਰਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੱਗੇ ਯੂਨਿਟ ਚਲਾਉਣ ਵਿਚ ਵੀ ਨਾਕਾਮ ਰਹੀ ਹੈ | ਪੰਜਾਬ ਦੇ ਲੋਕਾਂ ਦੀ ਆਵਾਜ਼ ਸਰਕਾਰ ਦੇ ਕੰਨਾ ਤੱਕ ਪਹੁੰਚਾਉਣ ਲਈ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਦੀ ਯੋਗ ਅਗਵਾਈ ਹੇਠ ਬੀ.ਸੀ. ਵਿੰਗ ਭਾਈਚਾਰੇ ਦੇ ਸਮੁੱਚੇ ਵਰਕਰ ਆਪਣੇ ਆਪਣੇ ਹਲਕਿਆਂ 'ਚ ਵੱਡੀ ਗਿਣਤੀ ਵਿਚ ਸਰਕਾਰ ਖ਼ਿਲਾਫ਼ ਧਰਨਿਆਂ 'ਚ ਸ਼ਮੂਲੀਅਤ ਕਰਨਗੇ |