ਲੁਧਿਆਣਾ, 29 ਅਪ੍ਰੈਲ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ (ਲੁਧਿਆਣਾ ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਇਹ ਪੰਜਾਬ ਨੂੰ ਕਰਜ਼ੇ ਦੇ ਭਿਆਨਕ ਜਾਲ ਵਿਚ ਧੱਕ ਰਹੀ ਹੈ | ਸੂਬੇ ਦੀ ਡਿਗਦੀ ਆਰਥਿਕਤਾ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਦੀਵਾਨ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ 'ਰੰਗਲਾ ਪੰਜਾਬ' ਵਿਚ ਬਦਲਣ ਦਾ ਵਾਅਦਾ ਕੀਤਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੇ ਬਿਲਕੁਲ ਉਲਟ ਕੀਤਾ ਹੈ, ਸੂਬੇ ਨੂੰ 'ਕੰਗਲਾ ਪੰਜਾਬ' ਵਿਚ ਬਦਲ ਦਿੱਤਾ ਹੈ | ਉਨ੍ਹਾਂ ਕਿਹਾ ਕਿ 2021-22 ਵਿੱਤੀ ਸਾਲ ਦੇ ਅੰਤ ਵਿਚ ਜਦੋਂ ਕਾਂਗਰਸ ਸਰਕਾਰ ਦਾ ਕਾਰਜਕਾਲ ਸਮਾਪਤ ਹੋਇਆ ਤਾਂ ਪੰਜਾਬ 'ਤੇ ਲਗਭਗ 2.82 ਲੱਖ ਕਰੋੜ ਰੁਪਏ ਦਾ ਬਕਾਇਆ ਕਰਜ਼ਾ ਸੀ | ਉਨ੍ਹਾਂ ਕਿਹਾ ਕਿ 2025-26 ਵਿੱਤੀ ਸਾਲ ਦੇ ਅੰਤ ਤੱਕ ਸੂਬੇ ਦਾ ਕੁੱਲ ਬਕਾਇਆ ਕਰਜ਼ਾ ਲਗਭਗ 4.17 ਲੱਖ ਕਰੋੜ ਰੁਪਏ ਤੱਕ ਪਹੁੰਚਣ ਦਾ ਅਨੁਮਾਨ ਹੈ | ਮਾਨ ਸਰਕਾਰ ਨੂੰ 'ਝੂਠਿਆਂ ਦਾ ਝੁੰਡ' ਦੱਸਦਿਆਂ ਦੀਵਾਨ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਮਜ਼ਬੂਤੀ ਬਾਰੇ ਦਾਅਵੇ ਪੂਰੀ ਤਰ੍ਹਾਂ ਝੂਠੇ ਹਨ | ਉਨ੍ਹਾਂ ਕਿਹਾ ਕਿ ਅਸਲੀਅਤ ਵਿਚ ਸੂਬੇ ਦੀ ਆਰਥਿਕਤਾ ਬਹੁਤ ਮਾੜੀ ਹਾਲਤ ਵਿਚ ਹੈ | ਮੌਜੂਦਾ ਸਾਲ ਲਈ ਸਰਕਾਰ ਦਾ ਕੁੱਲ ਉਧਾਰ 39,970.65 ਕਰੋੜ ਹੋਣ ਦਾ ਅਨੁਮਾਨ ਹੈ, ਜਿਸ ਨਾਲ 2026-27 ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਦਾ ਕੁੱਲ ਬਕਾਇਆ ਕਰਜ਼ਾ 4.47 ਲੱਖ ਕਰੋੜ ਹੋ ਜਾਵੇਗਾ |