ਲੁਧਿਆਣਾ 29 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਦਫਤਰਾਂ ਦੇ ਅੱਗੇ ਅੱਜ ਦਿੱਤੇ ਜਾ ਰਹੇ ਧਰਨਾ ਪ੍ਰਦਰਸ਼ਨ ਵਿਚ ਯੂਥ ਅਕਾਲੀ ਦਲ ਦੇ ਵਰਕਰ ਵੀ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਦੱਸਿਆ ਕਿ ਇਸ ਸਬੰਧੀ ਪਿਛਲੇ ਕੁਝ ਦਿਨਾਂ ਤੋਂ ਹੀ ਵੱਖ-ਵੱਖ ਇਲਾਕਿਆਂ ਵਿਚ ਯੂਥ ਅਕਾਲੀ ਵਰਕਰਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਇਸ ਸਬੰਧੀ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਸਨ | ਉਨਾਂ ਦੱਸਿਆ ਕਿ ਯੂਥ ਅਕਾਲੀ ਦਲ ਦੇ ਵਰਕਰ ਵੱਖ-ਵੱਖ ਇਲਾਕਿਆਂ ਵਿਚ ਦਿੱਤੇ ਜਾ ਰਹੇ ਧਰਨਾ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ | ਉਨਾਂ ਕਿਹਾ ਕਿ ਬਿਜਲੀ ਪੱਖੋਂ ਸਰਪਲੱਸ ਕੀਤੇ ਪੰਜਾਬ ਨੂੰ ਪਹਿਲਾਂ ਕਾਂਗਰਸ ਦੀ ਸਰਕਾਰ ਨੇ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੀਹੋਂ ਉਤਾਰ ਦਿੱਤਾ ਹੈ | ਅੱਜ ਬਿਜਲੀ ਦੇ ਕੱਟਾਂ ਅਤੇ ਹੋਰਨਾਂ ਸਮੱਸਿਆਵਾਂ ਕਾਰਨ ਹਰ ਪੰਜਾਬ ਵਾਸੀ ਤਰਾਹ ਤਰਾਹ ਕਰ ਰਿਹਾ ਹੈ ਅਤੇ ਉਨਾਂ ਨੂੰ ਰਾਹਤ ਦੇਣ ਲਈ ਉਨਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ | ਸ. ਕਾਉਂਕੇ ਨੇ ਲੋਕਾਂ ਨੂੰ ਇਸ ਧਰਨਾ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ |