ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ, ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਸੁਮੀਤ ਕੁਮਾਰ ਵਾਸੀ ਅਸ਼ੋਕ ਨਗਰ, ਰੋਹਿਤ ਵਾਸੀ ਪਿੰਡ ਬਹਾਦਰ ਕੇ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਮੋਟਰਸਾਈਕਲ, ਇਕ ਐਕਟੀਵਾ, ਛੇ ਮੋਬਾਈਲ ਅਤੇ ਹਥਿਆਰ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬੀਤੀ ਰਾਤ ਇਹਨਾਂ ਨੂੰ ਕਾਬੂ ਕੀਤਾ ਗਿਆ ਹੈ | ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਸੁਮੀਤ ਕੁਮਾਰ ਖ਼ਿਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |