ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਸੁਖਦੇਵ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਮੁਹੱਲਾ ਨੌਘਰਾ ਵਿਖੇ ਉਨ੍ਹਾਂ ਦੇ ਜੱਦੀ ਘਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਰਾਸ਼ਟਰੀ ਪ੍ਰਧਾਨ ਅਸ਼ੋਕ ਥਾਪਰ ਅਤੇ ਤਿ੍ਭੁਵਨ ਥਾਪਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਚੌੜਾ ਬਾਜ਼ਾਰ ਤੋਂ ਸ਼ਹੀਦ ਦੇ ਜੱਦੀ ਘਰ ਤੱਕ ਸਿੱਧੀ ਪਹੁੰਚ ਸੜਕ ਦਾ ਰਸਮੀ ਉਦਘਾਟਨ ਵੀ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਕਿਹਾ ਕਿ ਸ਼ਹੀਦ ਸੁਖਦੇਵ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਰਾਜਗੁਰੂ ਨੇ ਦੇਸ਼ ਲਈ ਮਹਾਨ ਕੁਰਬਾਨੀ ਦਿੱਤੀ ਅਤੇ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ | ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਨਾਗਰਿਕ ਸ਼ਾਂਤੀ, ਆਜ਼ਾਦੀ ਅਤੇ ਭਾਈਚਾਰਕ ਸਾਂਝ ਦੇ ਮਾਹੌਲ ਵਿਚ ਰਹਿ ਰਹੇ ਹਨ | ਪੂਨਮ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ | ਮੈਡਮ ਪੂਨਮ ਸਿੰਘ ਨੇ ਨੌਜਵਾਨਾਂ ਨੂੰ ਭਿ੍ਸ਼ਟਾਚਾਰ, ਨਸ਼ਾਖੋਰੀ, ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਹੋਰ ਆਗੂ ਵੀ ਮੌਜੂਦ ਸਨ |