ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ)-ਬੈਂਕ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਆਈ. ਸੀ. ਆਈ. ਸੀ. ਆਈ. ਬੈਂਕ ਦੇ ਪ੍ਰਬੰਧਕ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਵਿਮਲੇਸ਼ ਕੁਮਾਰ ਪਾਲ ਪੁੱਤਰ ਰਾਮਪਾਲ ਵਾਸੀ ਭਾਮੀਆਂ ਖੁਰਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਗਲਤ ਦਸਤਾਵੇਜ਼ਾਂ ਦੇ ਆਧਾਰ 'ਤੇ ਬੈਂਕ ਪਾਸੋਂ 12 ਲੱਖ 81 ਹਜ਼ਾਰ ਦਾ ਕਰਜ਼ਾ ਲੈ ਲਿਆ, ਪਰ ਬਾਅਦ ਵਿਚ ਇਹ ਕਰਜ਼ਾ ਵਾਪਸ ਨਹੀਂ ਕੀਤਾ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |