ਲੁਧਿਆਣਾ, 19 ਮਈ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ. ਐਂਡ ਪੀ.ਐਸ.ਟੀ.ਸੀ.ਐਲ. ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਪਾਵਰਕਾਮ ਦੇ ਵੱਖ ਵੱਖ ਵਿਭਾਗਾਂ 'ਚ ਕੰਮ ਕਰਨ ਵਾਲਿਆਂ ਤੋਂ ਇਲਾਵਾ ਦਫ਼ਤਰੀ ਕੰਮ ਕਾਰ ਕਰਨ ਵਾਲੀਆਂ ਲੜਕੀਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਸਵਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਮੈਨੇਜਮੈਂਟ ਅਤੇ ਸੂਬਾ ਸਰਕਾਰ ਬਿਜਲੀ ਵਿਭਾਗ 'ਚ ਕੰਮ ਕਰਨ ਵਾਲੇ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸੰਜੀਦਗੀ ਨਹੀਂ ਦਿਖਾ ਰਹੀ | ਉਨ੍ਹਾਂ ਮੰਗ ਕੀਤੀ ਕਿ ਸੀ.ਐਚ.ਬੀ., ਠੇਕੇ ਤੇ ਕੰਮ ਕਰਨ ਵਾਲੇ ਬਿਜਲੀ ਮੁਲਾਜ਼ਮ ਅਤੇ ਸੁਵਿਧਾ ਸੈਂਟਰਾਂ ਵਿਚ ਕੰਮ ਕਰਨ ਵਾਲੀਆਂ ਲੜਕੀਆਂ ਦੀਆਂ ਮੰਗਾਂ ਨੂੰ ਪੂਰਾ ਕਰਕੇ ਉਨ੍ਹਾਂ ਨੂੰ ਪੱਕਾ ਕਰੇ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸਬੰਧਿਤ ਵਿਭਾਗ ਵਿਚ ਕੰਮ ਕਰਨ ਵਾਲੇ ਕਾਮਿਆਂ ਨੂੰ ਪੱਕਾ ਰੁਜ਼ਗਾਰ ਮਿਲੇਗਾ ਉਥੇ ਹੀ ਖਪਤਕਾਰਾਂ ਨੂੰ ਵੀ ਸਹੀ ਢੰਗ ਨਾਲ ਸਪਲਾਈ ਮਿਲੇਗੀ |