ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਠੇਕੇਦਾਰੀ ਸਿਸਟਮ ਖ਼ਤਮ ਕਰਨ ਦੇ ਨਾਲ ਸੂਬੇ ਦੇ ਕਰਮਚਾਰੀਆਂ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ | ਇਹ ਪ੍ਰਗਟਾਵਾ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਇਸ ਇਤਿਹਾਸਕ ਫੈਸਲਿਆਂ ਦਾ ਸਵਾਗਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ 'ਆਪ' ਸਰਕਾਰ ਆਮ ਲੋਕਾਂ, ਮੁਲਾਜ਼ਮਾਂ ਅਤੇ ਮਜ਼ਦੂਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕਰਨ ਦਾ ਫੈਸਲਾ ਪੰਜਾਬ ਦੇ ਇਤਿਹਾਸ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ | ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਮੁਲਾਜ਼ਮਾਂ ਵਲੋਂ ਇਹ ਮੰਗ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਧੀਨ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਹੋਣਗੀਆਂ ਅਤੇ ਕਿਸੇ ਵੀ ਏਜੰਸੀ ਜਾਂ ਠੇਕੇਦਾਰ ਵਲੋਂ ਕਮਿਸ਼ਨ ਜਾਂ ਕਟੌਤੀ ਨਹੀਂ ਕੀਤੀ ਜਾ ਸਕੇਗੀ | ਉਨ੍ਹਾਂ ਕਿਹਾ ਕਿ ਇਸ ਸਿਸਟਮ ਨਾਲ ਸਰਕਾਰੀ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਇਨ੍ਹਾਂ ਮੁਲਾਜ਼ਮਾਂ ਨੂੰ ਦਿੱਤੀਆਂ ਜਾਣਗੀਆਂ |