ਲੁਧਿਆਣਾ, 3 ਜੂਨ (ਭੁਪਿੰਦਰ ਸਿੰਘ ਬੈਂਸ)-ਹਾਲੇ ਬਰਸਾਤੀ ਮੌਸਮ ਦਾ ਆਗਾਜ਼ ਵੀ ਨਹੀਂ ਹੋਇਆ, ਪਰ ਸ਼ਹਿਰ 'ਚ ਸੜਕਾਂ ਧਸਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਤਾਜਾਂ ਮਾਮਲਾ ਪੁਰਾਣੀ ਕਚਹਿਰੀ ਚੌਕ ਨੇੜੇ ਸਾਹਮਣੇ ਆਇਆ, ਜਿੱਥੇ ਬੁੱਧਵਾਰ ਨੰੂ ਅਚਾਨਕ ਸੜਕ ਦੇ ਵਿਚਕਾਰ ਦਾ ਹਿੱਸਾ ਧਸ ਗਿਆ ਅਤੇ ਉੱਥੇ ਵੱਡਾ ਟੋਆ ਬਣ ਗਿਆ | ਘਟਨਾ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੰੂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਦਕਿ ਇਲਾਕੇ 'ਚ ਕੁੱਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ | ਸੜਕ ਧਸਣ ਦੀ ਸੂਚਨਾ ਮਿਲਦੇ ਹੀ ਨਗਰ ਨਿਗਮ ਦਾ ਅਮਲਾ ਮੌਕੇ 'ਤੇ ਪਹੁੰਚਿਆ ਅਤੇ ਧਸੀ ਹੋਈ ਸੜਕ ਦੀ ਅਸਥਾਈ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਪਰ ਸਥਾਨਕ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਨਿਗਮ ਦੀ ਇਸ ਕਾਰਵਾਈ ਨੰੂ ਸਿਰਫ਼ ਖਾਨਾਪੂਰਤੀ ਕਰਾਰ ਦਿੰਦਿਆਂ ਸੜਕ ਦੀ ਪੱਕੀ ਅਤੇ ਮਿਆਰੀ ਮੁਰੰਮਤ ਦੀ ਮੰਗ ਕੀਤੀ ਹੈ | ਲੋਕਾਂ ਦਾ ਦੋਸ਼ ਹੈ ਕਿ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ 'ਤੇ ਲੱਖਾਂ-ਕਰੋੜਾਂ ਰੁਪਏ ਖ਼ਰਚ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਇਸਦੇ ਉਲਟ ਨਜ਼ਰ ਆ ਰਹੀ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਦੇ ਉਚ ਅਧਿਕਾਰੀਆਂ ਵਲੋਂ ਮਿਆਰੀ ਕੰਮ ਯਕੀਨੀ ਬਣਾਉਣ ਅਤੇ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਬਿਆਨ ਅਕਸਰ ਜਾਰੀ ਕੀਤੇ ਜਾਂਦੇ ਹਨ, ਪਰ ਧਸਦੀਆਂ ਸੜਕਾਂ ਇਹ ਸਾਬਤ ਕਰ ਰਹੀਆਂ ਹਨ ਕਿ ਹਾਲਾਤਾਂ ਵਿਚ ਕੋਈ ਖ਼ਾਸ ਸੁਧਾਰ ਨਹੀਂ ਆਇਆ | ਉਨ੍ਹਾਂ ਕਿਹਾ ਕਿ ਜਦੋਂ ਬਰਸਾਤੀ ਮੌਸਮ ਦੇ ਆਗਾਜ਼ ਤੋਂ ਪਹਿਲਾਂ ਹੀ ਸੜਕਾਂ ਧਸਣ ਲੱਗ ਪਈਆਂ ਹਨ ਤਾਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਹਾਲਾਤ ਹੋਰ ਵੀ ਚਿੰਤਾਜਨਕ ਹੋ ਸਕਦੇ ਹਨ | ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਧਸੀ ਹੋਈ ਸੜਕ ਦੀ ਪੱਕੇ ਤੌਰ 'ਤੇ ਮੁਰੰਮਤ ਕਰਵਾਉਣ ਦੇ ਨਾਲ-ਨਾਲ ਇਸਦੇ ਕਾਰਨਾਂ ਦੀ ਜਾਂਚ ਵੀ ਕਰਵਾਈ ਜਾਵੇ ਅਤੇ ਮਾੜੀ ਗੁਣਵੱਤਾ ਵਾਲੇ ਕੰਮਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ |